PM ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
– 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ
ਹਿਮਾਚਲ ਪ੍ਰਦੇਸ਼, 9 ਸਤੰਬਰ 2025 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ (PM) ਮੋਦੀ ਨੇ ਅੱਜ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੈਲੀਕਾਪਟਰ ਰਾਹੀਂ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਧਰਮਸ਼ਾਲਾ ਵਿੱਚ ਆਫ਼ਤ ਸੰਬੰਧੀ ਇੱਕ ਮੀਟਿੰਗ ਕੀਤੀ, ਜਿਸ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ।
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।
ਹਿਮਾਚਲ ਫੇਰੀ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਾੜੀ ਪਰੰਪਰਾ ਅਤੇ ਸੱਭਿਆਚਾਰ ਨਾਲ ਸਬੰਧਤ ਵਿਸ਼ੇਸ਼ ਪਕਵਾਨਾਂ ਦਾ ਸੁਆਦ ਚੱਖਿਆ। ਉਨ੍ਹਾਂ ਨੂੰ ਪਰੋਸੀ ਗਈ ਹਿਮਾਚਲੀ ਥਾਲੀ ਵਿੱਚ ਕਾਂਗੜੀ ਅਤੇ ਮੰਡਿਆਲੀ ਪਕਵਾਨ ਸ਼ਾਮਲ ਸਨ। ਥਾਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਗੁਚੀ, ਲਿੰਗੜੀ, ਚਨਾ ਪਨੀਰ ਮਦਰਾ, ਅਰਬੀ, ਪੀਲੀ ਦਾਲ, ਸਾਉਤੇ ਵੇਜ, ਸੇਪੂ ਵੜੀ, ਪਤਰੋਡੂ ਅਤੇ ਖਾਸ ਕਰਕੇ ਬਥੂਆ ਖੀਰ ਪਰੋਸੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























