Punjab : ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
– ਅਦਾਲਤ ਨੇ ਅਰੋੜਾ ਨੂੰ ਨਿਆਇਕ ਹਿਰਾਸਤ ‘ਚ ਭੇਜਿਆ
ਜਲੰਧਰ, 13 ਸਤੰਬਰ 2025 (ਵਿਸ਼ਵ ਵਾਰਤਾ): ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ 3 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਮਨ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਹੁਣ ਰਮਨ ਅਰੋੜਾ ਨੂੰ 27 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਕੁਝ ਦਿਨ ਪਹਿਲਾਂ ਪੁਲਿਸ ਨੇ ਜਬਰੀ ਵਸੂਲੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਥਾਣਾ ਰਾਮਾ ਮੰਡੀ ਵਿਖੇ ਦਰਜ ਜਬਰਨ ਵਸੂਲੀ ਦੇ ਮਾਮਲੇ ‘ਚ ਅੱਜ ਉਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਹੋ ਗਿਆ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਵਿਧਾਇਕ ਨੂੰ ਪੇਸ਼ੀ ਲਈ ਅਦਾਲਤ ਵਿੱਚ ਲੈ ਕੇ ਆਈ। ਪੇਸ਼ੀ ਦੌਰਾਨ ਅਦਾਲਤ ਵਿੱਚ ਪੁਲਿਸ ਨੇ ਦਲੀਲ ਦਿੱਤੀ ਕਿ ਰਿਮਾਂਡ ਦੀ ਮਿਆਦ ਦੌਰਾਨ ਮਾਮਲੇ ਨਾਲ ਸਬੰਧਤ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਗਏ ਹਨ ਅਤੇ ਹੁਣ ਜੇਲ੍ਹ ਤੋਂ ਅੱਗੇ ਦੀ ਜਾਂਚ ਜਾਰੀ ਰੱਖੀ ਜਾ ਸਕਦੀ ਹੈ।ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਵਿਧਾਇਕ ਰਮਨ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ।























