Deputy Commissioner ਵੱਲੋਂ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੈ
ਕਟਾਈ ਦਾ ਸਮਾਂ
ਕਪੂਰਥਲ਼ਾ 17 ਸਤੰਬਰ (ਵਿਸ਼ਵ ਵਾਰਤਾ):- ਜ਼ਿਲ੍ਹਾ ਕਪੂਰਥਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਖਰੀਦ ਦੇ ਪਹਿਲੇ ਬੀਤੇ ਕੱਲ੍ਹ ਵੱਖ ਵੱਖ ਮੰਡੀਆਂ ਵਿੱਚ ਪੰਜਾਬ ਸਰਕਾਰ ਦੀਆਂ ਏਜੰਸੀਆਂ ਵੱਲੋਂ 60 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ।
ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਸ਼ੁਰੂ ਹੋਈ ਝੋਨੇ ਦੀ ਖ਼ਰੀਦ ਪ੍ਰਕਿਰਿਆ ਤਹਿਤ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ ‘ਤੇ ਹੀ ਕੀਤੀ ਜਾਵੇ ਅਤੇ ਖਰੀਫ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਵੇਚਣ ਲਈ ਲਿਆਂਦਾ ਜਾਵੇ।
ਉਨ੍ਹਾਂ ਦੱਸਿਆ ਕਿ ਖਰੀਦ ਵੇਲੇ ਝੋਨੇ ਵਿੱਚ ਨਮੀ ਦੀ ਹੱਦ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ ਜਦਕਿ ਇਸ ਸਾਲ ਝੋਨੇ ਦੀ ਫਸਲ ਦਾ ਮੁੱਲ 2389/- ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।
ਡਿਪਟੀ ਕਮਿਸਨਰ ਕਪੂਰਥਲਾ ਵੱਲੋਂ ਜ਼ਿਲੇ ਦੇ ਮੁੱਖ ਖੇਤੀਬਾੜੀ ਅਫਸਰ ਅਤੇ ਜਿਲਾ ਮੰਡੀ ਅਫਸਰ ਨੂੰ ਵੀ ਸ਼ਖਤ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿਚ ਵਿਸ਼ੇਸ ਕੈਂਪ ਲਗਾ ਕੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਸੁੱਕੀ ਫਸਲ ਲਿਆਉਣ ਲਈ ਜਾਗਰੂਕ ਕਰਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕੰਬਾਈਨ ਓਪਰੇਟਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਝੋਨੇ ਦੀ ਸੀਜਨ ਦੌਰਾਨ ਸਵੇਰੇ 10.00 ਵਜੇ ਤੋ ਸਾਮ 6.00 ਵਜੇ ਤੱਕ ਹੀ ਝੋਨੇ ਦੀ ਕਟਾਈ ਕੀਤੀ ਜਾਵੇ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਹਰਸ਼ਰਨ ਸਿੰਘ ਬਰਾੜ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 42 ਮੰਡੀਆਂ ਵਿੱਚ 8.20 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ , ਜਿਸ ਲਈ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਖਰੀਦ ਏਜੰਸੀਆਂ ਵੱਲੋਂ ਅਲਾਟ ਕੀਤੀਆਂ ਮੰਡੀਆਂ ਵਿੱਚੋਂ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ।























