Punjab News: ਜ਼ਿਲ੍ਹਾ ਦੀਆਂ ਮੰਡੀਆਂ ਵਿੱਚ 1441.50 ਮੀਟ੍ਰਿਕ ਟਨ ਝੋਨੇ ਦੀ ਆਮਦ; 1235 ਮੀਟ੍ਰਿਕ ਟਨ ਦੀ ਖ਼ਰੀਦ ਹੋਈ
164 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆਧਾਰ ਆਧਾਰਿਤ ਚਿਹਰਾ ਪ੍ਰਮਾਣਿਕਤਾ ਪ੍ਰਣਾਲੀ ਨਾਲ ਸਿੱਧੀ ਅਦਾਇਗੀ ਕੀਤੀ ਗਈ
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਸਤੰਬਰ (ਸਤੀਸ਼ ਕੁਮਾਰ ਪੱਪੀ):- ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ 15 ਨੋਟੀਫਾਈਡ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ। 21 ਸਤੰਬਰ ਦੀ ਸ਼ਾਮ ਤੱਕ ਜ਼ਿਲ੍ਹੇ ਵਿੱਚ ਕੁੱਲ 1441.50 ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿੱਚੋਂ 1235 ਮੀਟ੍ਰਿਕ ਟਨ ਦੀ ਖ਼ਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 164 ਕਿਸਾਨਾਂ ਨੂੰ ਆਪਣੀ ਫ਼ਸਲ ਦੇ ਭੁਗਤਾਨ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਧਾਰ ਆਧਾਰਿਤ ਚਿਹਰਾ ਪ੍ਰਮਾਣਿਕਤਾ ਪ੍ਰਣਾਲੀ ਰਾਹੀਂ ਤੁਰੰਤ ਕੀਤੇ ਗਏ ਹਨ। ਇਸ ਪ੍ਰਣਾਲੀ ਨਾਲ ਭੁਗਤਾਨ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਹੀਂ ਹੋ ਰਹੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮੰਡੀ ਵਿੱਚ ਆਉਣ ਵਾਲਾ ਹਰ ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਫਸਲ ਦੀ ਬੋਲ ਨਿਰਵਿਘਨ ਹੋ ਸਕੇ ਅਤੇ ਕਿਸਾਨਾਂ ਨੂੰ ਸਮੇਂ-ਸਿਰ ਭੁਗਤਾਨ ਮਿਲ ਸਕੇ।
ਉਨ੍ਹਾਂ ਸਾਰੇ ਆੜਤੀਆਂ (ਕਮਿਸ਼ਨ ਏਜੰਟਾਂ) ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਤਾਂ ਜੋ ਖਰੀਦ ਲਈ ਮਿੱਥੀ 17 ਫ਼ੀਸਦੀ ਤੱਕ ਦੀ ਨਮੀ ਦੀ ਸ਼ਰਤ ਦੀ ਪਾਲਣਾ ਹੋ ਸਕੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸ਼੍ਰੀਮਤੀ ਨਵਰੀਤ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦੇ ਧਾਨ ਦੀ ਲਿਫਟਿੰਗ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ, ਤਾਂ ਜੋ ਫਸਲ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਲਿਫਟਿੰਗ ਯਕੀਨੀ ਬਣਾਈ ਜਾ ਸਕੇ। ਡੀ ਐਫ਼ ਐਸ ਸੀ ਨਵਰੀਤ ਨੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਖਰੀਦ ਏਜੰਸੀਆਂ ਨਾਲ ਵੀ ਨਿਯਮਤ ਤਾਲਮੇਲ ਰੱਖਿਆ ਜਾ ਰਿਹਾ ਹੈ।






















