Punjab : ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ‘ਚ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 26 ਸਤੰਬਰ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ (Punjab) ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਪਹੁੰਚੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਨਵੀਂ ਨਾਭਾ ਜੇਲ੍ਹ ‘ਚ ਮੁਲਾਕਾਤ ਕੀਤੀ। ਦੱਸ ਦਈਏ ਇਸ ਸਮੇਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ।
ਸੁਖਬੀਰ ਸਿੰਘ ਬਾਦਲ ਦੇ ਨਾਲ ਨਾਲ ਅੱਜ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਗਨੀਵ ਕੌਰ ਮਜੀਠੀਆ ਵੀ ਇਸ ਦੌਰਾਨ ਨਾਲ ਰਹੇ। ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ‘ਆਪ’ ਸਰਕਾਰ ‘ਤੇ ਨਿਸ਼ਾਨੇ ਵਿਨ੍ਹੇ। ਉਨ੍ਹਾਂ ਕਿਹਾ ਕਿ “ਆਪ ਸਰਕਾਰ ਵੱਲੋਂ ਦਰਜ਼ ਕੀਤੇ ਝੂਠੇ ਪਰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਹੌਸਲਾ ਨਹੀਂ ਤੋੜ ਸਕਦੇ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਰਕਾਰਾਂ ਦੀ ਧੱਕੇਸ਼ਾਹੀ ਖ਼ਿਲਾਫ਼ ਡਟਿਆ ਹੈ ਤੇ ਡਟਿਆ ਰਹੇਗਾ। ਆਪ ਸਰਕਾਰ ਅਤੇ ਇਸਦੇ ਚਹੇਤੇ ਅਫ਼ਸਰ ਇਹ ਗੱਲ ਜਰੂਰ ਸਮਝ ਲੈਣ ਕਿ ਇਨ੍ਹਾਂ ਦਾ ਸਮਾਂ ਹੁਣ ਬਹੁਤ ਨੇੜੇ ਹੈ ਤੇ ਇਨ੍ਹਾਂ ਵੱਲੋਂ ਕੀਤੀ ਹਰ ਧੱਕੇਸ਼ਾਹੀ ਦਾ ਜਵਾਬ ਇਨ੍ਹਾਂ ਨੂੰ ਦੇਣਾ ਪਵੇਗਾ।”
ਦੱਸ ਦਈਏ ਕਿ 25 ਜੂਨ 2025 ਨੂੰ, ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਵਿੱਚ 25 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਵਿੱਚ ਅੰਮ੍ਰਿਤਸਰ ਵਿੱਚ ਮਜੀਠੀਆ ਦੀ ਰਿਹਾਇਸ਼ ਵੀ ਸ਼ਾਮਲ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























