Punjab Vidhan Sabha Special Session : ਸਦਨ ਦੀ ਕਾਰਵਾਈ 10 ਮਿੰਟ ਲਈ ਮੁਲਤਵੀ
ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਹੜ੍ਹਾਂ ਨਾਲ ਸਬੰਧਤ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਭਾਰੀ ਹੰਗਾਮੇ ਦੇ ਚਲਦਿਆ ਸਦਨ ਦੀ ਕਾਰਵਾਈ 10 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਹੈ
ਸੈਸ਼ਨ ਦੌਰਾਨ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੌਰਾਨ, ਸਾਡੇ ਮੰਤਰੀ ਕੰਮ ਕਰਦੇ ਰਹੇ। ਹਾਲਾਂਕਿ, ਜਦੋਂ ਕੋਰੋਨਾਵਾਇਰਸ ਮਹਾਂਮਾਰੀ ਆਈ, ਤਾਂ ਕਾਂਗਰਸੀ ਮੰਤਰੀ ਨੇ ਆਪਣੇ ਘਰ ਦੇ ਬਾਹਰ ਇੱਕ ਬੋਰਡ ਲਗਾਇਆ ਜਿਸ ਵਿੱਚ ਲਿਖਿਆ ਸੀ ਕਿ ਉਹ ਜਨਤਕ ਮੀਟਿੰਗਾਂ ਨਹੀਂ ਕਰਨਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ‘ਚ ਜੋ ਤਬਾਹੀ ਹੜ੍ਹਾਂ ਕਾਰਨ ਹੋਈ ਹੈ, ਉਹ ਪਹਿਲਾਂ ਕਦੇ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਕਰਵਾਈ ਜਾ ਚੁੱਕੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਆਉਣ ਤੋਂ ਪਹਿਲਾਂ ਹੀ ਉੱਥੇ ਮੰਤਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਸਨ, ਜਿੱਥੇ ਸਿਰਫ ਥੋੜ੍ਹਾ ਜਿਹਾ ਪਾਣੀ ਆਇਆ ਸੀ। ਪੰਜਾਬ ਵਿਧਾਨ ਸਭਾ ਅੰਦਰ ਉਸ ਵੇਲੇ ਵੀ ਹੰਗਾਮਾ ਹੋਇਆ, ਜਦੋਂ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪ੍ਰਤਾਪ ਸਿੰਘ ਬਾਜਵਾ ਵਲੋਂ ਖ਼ਰੀਦੀ ਗਈ ਜ਼ਮੀਨ ਬਾਰੇ ਬਿਆਨ ਦੇ ਦਿੱਤਾ।
ਦੱਸ ਦਈਏ ਕਿ ਭਾਜਪਾ ਨੇ ਇਸ ਸੈਸ਼ਨ ਦਾ ਬਾਈਕਾਟ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ ਸੈਕਟਰ 37 ਵਿੱਚ “ਜਨਤਾ ਦੀ ਵਿਧਾਨ ਸਭਾ” ਕਰੇਗੀ, ਜਿੱਥੇ ਉਹ ਰਾਜ ਸਰਕਾਰ ਵਿਰੁੱਧ ਆਪਣੇ ਵਿਚਾਰ ਪੇਸ਼ ਕਰਨਗੇ। ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਚਰਚਾ ਤੋਂ ਭੱਜ ਰਹੀ ਹੈ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਆ ਕੇ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਬਹਿਸ ਤੋਂ ਭੱਜ ਗਈ ਹੈ ਅਤੇ ਸਮਾਨਾਂਤਰ ਸੈਸ਼ਨ ਕਰਕੇ ਸੰਵਿਧਾਨ ਦਾ ਮਜ਼ਾਕ ਉਡਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਆ ਕੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























