SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੱਲ੍ਹ ਰਾਜੋਆਣਾ ਨਾਲ ਕਰਨਗੇ ਮੁਲਾਕਾਤ
– ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ
ਚੰਡੀਗੜ੍ਹ, 13 ਅਕਤੂਬਰ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੱਲ੍ਹ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸੱਦੀ ਗਈ ਸੀ। ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਾਅਵਾ ਕੀਤਾ ਕਿ ਸੁਪਰੀਮ ਕੋਰਟ 15 ਅਕਤੂਬਰ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮਾਮਲੇ ਦੀ ਸੁਣਵਾਈ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਕੇਸ 15 ਅਕਤੂਬਰ ਨੂੰ ਸੂਚੀਬੱਧ ਨਹੀਂ ਕੀਤਾ ਗਿਆ ਹੈ ਅਤੇ ਉਮੀਦ ਹੈ ਕਿ ਕੇਸ ਨੂੰ ਹੋਰ ਅੱਗੇ ਤਬਦੀਲ ਕਰ ਦਿੱਤਾ ਜਾਵੇਗਾ। ਇਸ ਦੇ ਮੱਦੇਨਜ਼ਰ, ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਕੱਲ੍ਹ, ਮੰਗਲਵਾਰ ਨੂੰ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜਾਵੇਗਾ, ਜਿਸ ਲਈ ਉਨ੍ਹਾਂ ਨੂੰ ਇਜਾਜ਼ਤ ਮਿਲ ਗਈ ਹੈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹਿਣਗੇ।
SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫੈਸਲੇ
– ਭਾਈ ਰਾਮ ਸਿੰਘ ਅਤੇ ਜਗਜੀਤ ਸਿੰਘ ਬਰਾੜ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਗਿਆ।
– ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਨੂੰ ਬੀਜ ਵੰਡੇਗੀ। ਡੇਰਾ ਬਾਬਾ ਨਾਨਕ, ਬਾਬਾ ਬੁੱਢਾ ਸਾਹਿਬ ਰਾਮਦਾਸ, ਜਾਮਨੀ ਸਾਹਿਬ ਗੁਰਦੁਆਰਾ, ਸ੍ਰੀ ਬੇਰ ਸਾਹਿਬ ਗੁਰਕਸ਼ਰਾ ਅਤੇ ਡੇਰਾ ਬਾਬਾ ਨਾਨਕ ਗੁਰਦੁਆਰੇ ਵਿਖੇ ਪੰਜ ਕੇਂਦਰ ਸਥਾਪਤ ਕੀਤੇ ਗਏ ਹਨ।
– ਪੰਜ ਟਰੱਕ ਗੱਦੇ ਅਤੇ ਰਜਾਈਆਂ ਉਪਲਬਧ ਕਰਵਾਈਆਂ ਗਈਆਂ ਹਨ। ਇਹ ਫੈਸਲਾ ਆਉਣ ਵਾਲੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਸੀ।
– ਜੰਮੂ-ਕਸ਼ਮੀਰ ਵਿੱਚ ਬੀਤੇ ਦਿਨੀਂ ਪੰਜ ਸਰੂਪ ਅਗਨ ਭੇਟ ਕਰਨ ਦੀ ਘਟਨਾ ਵਾਪਰੀ ਸੀ। ਕੇਂਦਰ ਸਰਕਾਰ ਤੋਂ ਬੀਐਨਐਸ ਦੀ ਧਾਰਾ 295-ਏ ਵਿੱਚ ਸੋਧ ਕਰਨ ਦੀ ਮੰਗ ਕੀਤੀ ਜਾਵੇਗੀ।
– ਗੁਰੂ ਤੇਗ ਬਹਾਦਰ ਜੀ ਦਾ ਨਗਰ ਕੀਰਤਨ ਕੁਝ ਦਿਨਾਂ ਵਿੱਚ ਦਿੱਲੀ ਪਹੁੰਚੇਗਾ, ਜਿੱਥੋਂ ਇਹ ਹਰਿਆਣਾ ਤੋਂ ਹੁੰਦਾ ਹੋਇਆ ਪੰਜਾਬ ਪੁੱਜੇਗਾ। ਇਸ ਦੀਆਂ ਤਿਆਰੀਆਂ ਬਾਰੇ ਵੀ ਫੈਸਲੇ ਲਏ ਗਏ।
– ਖ਼ਾਲਸਾ ਕਾਲਜ, ਮਾਟੁੰਗਾ, ਮੁੰਬਈ ਨੂੰ ਯੂਨੀਵਰਸਿਟੀ ਬਣਾਉਣ ਦਾ ਮਤਾ ਪਾਸ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























