‘ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, Punjab Police ਵੱਲੋਂ 63 ਨਸ਼ਾ ਤਸਕਰ ਕਾਬੂ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, Punjab Police ਨੇ ਅੱਜ 295 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 247 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,065 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਇਸ ਆਪਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 295 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।























