Gurpurab 2025 : ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ ’ਤੇ ਉੱਚ ਅਧਿਕਾਰੀਆਂ ਨੇ ਕੀਤਾ ਨਿੱਘਾ ਸਵਾਗਤ
ਅੰਮ੍ਰਿਤਸਰ, 4 ਨਵੰਬਰ 2025 (ਵਿਸ਼ਵ ਵਾਰਤਾ): ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਕੁਲਦੀਪ ਸਿੰਘ ਗੜਗੱਜ ਦਾ ਸਿੱਖ ਜਥੇ ਨਾਲ ਪਾਕਿਸਤਾਨ ਪੁੱਜਣ ‘ਤੇ ਸ਼ਾਨਦਾਰ ਸੁਆਗਤ ਕੀਤਾ ਗਿਆ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਔਕਾਫ਼ ਬੋਰਡ ਦੇ ਚੇਅਰਮੈਨ ਡਾ. ਸਾਜਿਦ ਮਹਿਮੂਦ ਚੌਹਾਨ, ਐਡੀਸ਼ਨਲ ਸਕੱਤਰ (ਸ਼੍ਰਾਈਨਸ) ਨਾਸਿਰ ਮੁਸਤਾਕ ਅਤੇ ਹੋਰ ਉੱਚ ਅਧਿਕਾਰੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਤੇ ਸਿੱਖ ਪਰੰਪਰਾ ਅਨੁਸਾਰ ਸਵਾਗਤ ਕੀਤਾ।

ਇਸ ਮੌਕੇ ਸਥਾਨਕ ਸਿੱਖ ਸ਼ਖ਼ਸੀਅਤਾਂ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਹੇਸ਼ ਸਿੰਘ, ਬੀਬੀ ਸਤਵੰਤ ਕੌਰ, ਬਿਸ਼ਨ ਸਿੰਘ, ਤਾਰਾ ਸਿੰਘ, ਸਤਵੰਤ ਸਿੰਘ, ਡਾ. ਮਿਮਪਾਲ ਸਿੰਘ ਅਤੇ ਬਾਬਾ ਹਰਮੀਤ ਸਿੰਘ ਵੀ ਹਾਜ਼ਰ ਸਨ। ਦੋਹਾਂ ਪਾਸਿਆਂ ਨੇ ਭਾਈਚਾਰੇ, ਸ਼ਰਧਾ ਤੇ ਸ਼ਾਂਤੀ ਦੇ ਸੁਨੇਹੇ ਨੂੰ ਅੱਗੇ ਵਧਾਉਣ ਦਾ ਸੰਕਲਪ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























