PU ਸੈਨੇਟ ਮਾਮਲੇ ‘ਤੇ ਹਾਈ ਕੋਰਟ ਦਾ ਰੁਖ ਕਰੇਗੀ ਪੰਜਾਬ ਸਰਕਾਰ
ਚੰਡੀਗੜ੍ਹ, 5 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ ਯੂਨੀਵਰਸਿਟੀ (PU) ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਜਲਦੀ ਹੀ ਹਾਈ ਕੋਰਟ ਦਾ ਰੁਖ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ-ਹੈਂਡਲ ‘ਤੇ ਇੱਕ ਪੋਸਟ ਸਾਂਝੀ ਕਰ ਕੇ ਇਹ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ “ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ ‘ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ..ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਕੇ ਲੜਾਈ ਲੜਾਂਗੇ..ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਵਿਚ ਵੀ ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ ‘ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ”
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ‘ਚ ਵੱਡੀ ਤਬਦੀਲੀ ਕਰਦਿਆਂ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ। ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਯੂਨੀਵਰਸਿਟੀ ਹੁਣ ਵਾਈਸ ਚਾਂਸਲਰ ਦੀ ਅਗਵਾਈ ਵਾਲੇ ਇਕ ਬੋਰਡ ਆਫ ਗਵਰਨਰਜ਼ ਵਲੋਂ ਕੰਟਰੋਲ ਕੀਤੀ ਜਾਵੇਗੀ। ਇਸ ਬੋਰਡ ‘ਚ ਕੇਂਦਰ ਸਰਕਾਰ, ਯੂ. ਜੀ. ਸੀ. ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।
ਇਸ ਦੇ ਵਿਰੋਧ ‘ਚ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਸਾਹਮਣੇ ਲਗਾਤਾਰ ਧਰਨਾ ਜਾਰੀ ਹੈ। ਕਈ ਵੱਡੀਆਂ ਸਿਆਸੀ ਪਾਰਟੀ ਦੇ ਪ੍ਰਮੁੱਖ ਆਗੂ ਵੀ ਧਰਨਾ ਪ੍ਰਦਰਸ਼ਨ ‘ਚ ਪੁੱਜ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























