SC on stray animals : ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ
ਨਵੀ ਦਿੱਲੀ, 7 ਨਵੰਬਰ 2025 (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਵਾਰਾ ਕੁੱਤਿਆਂ ਅਤੇ ਬੇਸਹਾਰਾ ਪਸ਼ੂਆਂ ਦੇ ਮੁੱਦੇ ‘ਤੇ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਾਰੇ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਅਵਾਰਾ ਪਸ਼ੂਆਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਾਰੇ ਅਵਾਰਾ ਪਸ਼ੂਆਂ ਨੂੰ ਸੜਕਾਂ, ਰਾਜ ਮਾਰਗਾਂ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਹਟਾ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਰਾਜਾਂ, ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਅਤੇ ਨਗਰ ਪਾਲਿਕਾਵਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨਵੀ ਅੰਜਾਰੀਆ ਦੀ ਬੈਂਚ ਨੇ ਕੀਤੀ। ਅਦਾਲਤ ਨੇ ਹੁਕਮ ਦਿੱਤੇ ਕਿ ਹਰ ਵਿਦਿਅਕ ਸੰਸਥਾ, ਹਸਪਤਾਲ, ਜਨਤਕ ਖੇਡ ਕੰਪਲੈਕਸ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਆਵਾਰਾ ਕੁੱਤਿਆਂ ਦੇ ਦਾਖਲੇ ਨੂੰ ਰੋਕਣ ਲਈ ਢੁਕਵੀਂ ਵਾੜ ਲਗਾਈ ਜਾਵੇ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਜਨਤਕ ਥਾਵਾਂ ਤੋਂ ਹਟਾਏ ਗਏ ਕੁੱਤਿਆਂ ਨੂੰ ਉਨ੍ਹਾਂ ਹੀ ਥਾਵਾਂ ‘ਤੇ ਵਾਪਸ ਨਾ ਛੱਡਿਆ ਜਾਵੇ। ਇਸ ਦੇ ਨਾਲ ਹੀ ਸਮੇਂ-ਸਮੇਂ ‘ਤੇ ਨਿਰੀਖਣ ਕਰਨ ਦੇ ਵੀ ਨਿਰਦੇਸ਼ ਦਿੱਤੇ।
ਜਸਟਿਸ ਨਾਥ ਦੀ ਅਗਵਾਈ ਵਾਲੇ ਬੈਂਚ ਨੇ ਆਵਾਰਾ ਪਸ਼ੂਆਂ ਅਤੇ ਹੋਰ ਜਾਨਵਰਾਂ ਨੂੰ ਹਾਈਵੇਅ ਤੋਂ ਤੁਰੰਤ ਹਟਾਉਣ ਦਾ ਹੁਕਮ ਵੀ ਦਿੱਤਾ ਅਤੇ ਕਿਹਾ ਕਿ ਅਜਿਹੇ ਜਾਨਵਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਰਧਾਰਤ ਆਸਰਾ ਸਥਾਨਾਂ ‘ਤੇ ਲਿਜਾਇਆ ਜਾਵੇ।
ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਸਾਰੇ ਰਾਜਾਂ ਦੇ ਮੁੱਖ ਸਕੱਤਰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ, ਹੀਂ ਤਾਂ, ਅਧਿਕਾਰੀ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਨਾਲ ਹੀ, ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਅਪਣਾਏ ਗਏ ਪ੍ਰਬੰਧਾਂ ਬਾਰੇ ਅੱਠ ਹਫ਼ਤਿਆਂ ਦੇ ਅੰਦਰ ਇੱਕ ਪਾਲਣਾ ਸਥਿਤੀ ਰਿਪੋਰਟ ਮੰਗੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਜਨਵਰੀ ਨੂੰ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























