Chandigarh ਨੂੰ ਲੈ ਕੇ 131ਵਾਂ ਸੰਵਿਧਾਨਕ ਸੋਧ ਬਿੱਲ ਲਿਆਉਣ ਦੇ ਮੁੱਦੇ ‘ਤੇ ਗਰਮਾਈ ਸਿਆਸਤ; ਮੁੱਖ ਮੰਤਰੀ ਦਾ ਵੱਡਾ ਬਿਆਨ ਆਇਆ ਸਾਹਮਣੇ
– ਪੜ੍ਹੋ ਕੀ ਹੈ ਮਾਮਲਾ
ਚੰਡੀਗੜ੍ਹ, 22 ਨਵੰਬਰ 2025 (ਵਿਸ਼ਵ ਵਾਰਤਾ): ਚੰਡੀਗੜ੍ਹ ਨੂੰ ਲੈ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤੇ ਜਾ ਰਹੇ ਨੇ ਬਿੱਲ ਕਾਰਨ ਪੰਜਾਬ ਦੀ ਸਿਆਸਤ ‘ਚ ਹਲਚਲ ਮੱਚ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਵਿਰੋਧ ਪ੍ਰਗਟ ਕੀਤਾ ਹੈ। ਇਹ ਬਿੱਲ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਲਿਆਂਦਾ ਜਾ ਰਿਹਾ ਹੈ। ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ਇਸ ਨਾਲ ਚੰਡੀਗੜ੍ਹ ਉੱਤੇ ਪੰਜਾਬ ਦਾ ਪ੍ਰਸ਼ਾਸਕੀ ਅਤੇ ਰਾਜਨੀਤਿਕ ਕੰਟਰੋਲ ਖਤਮ ਹੋ ਜਾਵੇਗਾ ਅਤੇ ਚੰਡੀਗੜ੍ਹ ਨੂੰ ਹਰਿਆਣਾ ਨੂੰ ਸੌਂਪਣ ਦਾ ਰਾਹ ਪੱਧਰਾ ਹੋ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਤਾਵਿਤ 131ਵੀਂ ਸੰਵਿਧਾਨਕ ਸੋਧ ਬਿੱਲ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ “ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਦਾ ਅਸੀਂ ਸਖ਼ਤ ਸ਼ਬਦਾਂ ‘ਚ ਵਿਰੋਧ ਕਰਦੇ ਹਾਂ। ਇਹ ਸੋਧ ਪੰਜਾਬ ਦੇ ਹਿੱਤ ਦੇ ਵਿਰੁੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਇਸ ਲਈ ਸਾਨੂੰ ਜੋ ਵੀ ਕਦਮ ਚੁੱਕਣਾ ਪਿਆ ਅਸੀਂ ਚੁੱਕਾਂਗੇ।”
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਵੱਲੋਂ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਦੇ ਸੈਸ਼ਨ ਵਿੱਚ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੀਂ ਸੋਧ) ਬਿੱਲ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ । ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਇਸ ਸੋਧ ਅਧੀਨ ਚੰਡੀਗੜ੍ਹ ਨੂੰ ਸੂਬੇ ‘ਚ ਤਬਦੀਲ ਕਰਨਾ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਹੈ, ਇਹ ਭਾਰਤ ਸਰਕਾਰ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਬਾਰੇ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਜਾਣ ਦੇ ਬਰਾਬਰ ਹੈ । ਸਾਨੂੰ ਸਾਡੀ ਆਪਣੀ ਰਾਜਧਾਨੀ ਤੋਂ ਵਾਂਝਿਆਂ ਕਰਕੇ ਦਿੱਲੀ ਦੀਆਂ ਪਿਛਲੀਆਂ ਕਾਂਗਰਸ ਸਰਕਾਰਾਂ ਨੇ ਵੀ ਪੰਜਾਬ ਨਾਲ ਵਿਤਕਰਾ ਕਮਾਇਆ । ਇਹ ਸੋਧ ਬਿੱਲ ਹੁਣ ਉਹ ਥੋੜ੍ਹੇ ਜਿਹੇ ਪ੍ਰਸ਼ਾਸਕੀ ਤੇ ਰਾਜਨੀਤਿਕ ਅਧਿਕਾਰ ਵੀ ਖ਼ਤਮ ਕਰਨਾ ਚਾਹੁੰਦਾ ਹੈ, ਜੋ ਚੰਡੀਗੜ੍ਹ ‘ਤੇ ਪੰਜਾਬ ਕੋਲ ਬਚੇ ਹਨ ਅਤੇ ਇਸ ਨਾਲ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਸਥਾਈ ਤੌਰ ‘ਤੇ ਖ਼ਤਮ ਹੋ ਜਾਵੇਗਾ। ਇਹ ਸੋਧ ਬਿੱਲ ਪੰਜਾਬ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ ਅਤੇ ਸੰਘੀ ਢਾਂਚੇ ਦੇ ਬੁਨਿਆਦੀ ਸਿਧਾਂਤਾਂ ਦੀ ਵੀ ਉਲੰਘਣਾ ਹੈ ।ਅਸੀਂ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਾਂਗੇ ਅਤੇ ਇਸ ਦਾ ਸਖ਼ਤ ਵਿਰੋਧ ਕਰਾਂਗੇ ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























