Punjab : ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ ਅੰਮ੍ਰਿਤਪਾਲ ਸਿੰਘ
ਚੰਡੀਗੜ੍ਹ, 16 ਦਸੰਬਰ 2025 (ਵਿਸ਼ਵ ਵਾਰਤਾ): ਖਡੂਰ ਸਾਹਿਬ (Punjab) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੰਸਦ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਪੈਰੋਲ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਸਰਕਾਰ ਇਸ ਮਾਮਲੇ ਵਿੱਚ ਪਹਿਲਾਂ ਹੀ ਆਪਣਾ ਜਵਾਬ ਦਾਇਰ ਕਰ ਚੁੱਕੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ।

ਦੱਸ ਦਈਏ ਕਿ ਅੱਜ ਉਨ੍ਹਾਂ ਦਲੀਲ ਦਿੱਤੀ ਕਿ ਐਨ.ਐਸ.ਏ. ਅਧੀਨ ਉਨ੍ਹਾਂ ਦੀ ਲਗਾਤਾਰ ਨਜ਼ਰਬੰਦੀ ਨੇ ਇਕ ਚੁਣੇ ਹੋਏ ਪ੍ਰਤੀਨਿਧੀ ਦੇ ਸੰਵਿਧਾਨਕ ਫਰਜ਼ਾਂ ਦੀ ਪੂਰਤੀ ਵਿੱਚ ਪੂਰੀ ਤਰ੍ਹਾਂ ਰੁਕਾਵਟ ਪਾਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਬੁਨਿਆਦੀ ਮੁੱਦਿਆਂ ਨੂੰ ਉਠਾਉਣ ਤੋਂ ਵਾਂਝੇ ਰਹਿ ਗਏ ਹਨ। ਅਦਾਲਤ ਵੱਲੋਂ ਇਸ ਮਾਮਲੇ ਨੂੰ ਹੁਣ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਵੀ ਇਹ ਕਹਿ ਚੁੱਕੇ ਹਨ ਕਿ ਅੰਮ੍ਰਿਤਪਾਲ ਲੋਕਾਂ ਦੁਆਰਾ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਨੂੰ ਸੰਸਦ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਦੇ ਹਲਕੇ ਨੂੰ ਪਿਛਲੇ ਸਮੇਂ ਵਿੱਚ ਹੜ੍ਹਾਂ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ, ਅਤੇ ਉਹ ਸੰਸਦ ਵਿੱਚ ਆਪਣੇ ਹਲਕੇ ਦੇ ਲੋਕਾਂ ਦਾ ਪੱਖ ਰੱਖਣਾ ਚਾਹੁੰਦੇ ਹਨ। ਜੇ ਸੰਭਵ ਹੋਵੇ, ਤਾਂ ਉਸਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਸਦ ਦੇ ਸੈਸ਼ਨ ‘ਚ ਸ਼ਾਮਿਲ ਹੋਣ ਦਿੱਤਾ ਜਾਵੇ। ਹਾਲਾਂਕਿ, ਇਸ ‘ਤੇ ਸੰਸਦ ਦੇ ਜਵਾਬ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਵੇਲੇ ਅਜਿਹਾ ਕੋਈ ਪ੍ਰਬੰਧ ਨਹੀਂ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਜਿੱਤ ਪ੍ਰਾਪਤ ਕੀਤੀ ਸੀ। ਉਹ ਇਸ ਸਮੇਂ ਐਨਐਸਏ ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਪਰ ਉਹ ਅਜੇ ਤੱਕ ਇੱਕ ਵੀ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























