Punjab ਦੇ ਰਾਜਪਾਲ ਨੇ ਸੱਦਿਆ 16ਵੀਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
ਚੰਡੀਗੜ੍ਹ, 24 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਇਸਦੇ 11ਵੇਂ (ਵਿਸ਼ੇਸ਼) ਸੈਸ਼ਨ ਲਈ 30 ਦਸੰਬਰ 2025 (ਮੰਗਲਵਾਰ), ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਇਕੱਤਰ ਹੋਣ ਲਈ ਬੁਲਾਇਆ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੇ ਬੁਲਾਇਆ ਜਾਵੇਗਾ।”

ਉਨ੍ਹਾਂ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਮਜ਼ਦੂਰ ਮਾਰੂ ਨੀਤੀ ਤਹਿਤ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦਾ ਪੂਰਾ ਮਨ ਬਣਾ ਲਿਆ ਹੈ। ਮਨਰੇਗਾ ਸਕੀਮ ਵਿੱਚ ਵਿਕਾਸ ਦੇ ਕੰਮਾਂ ‘ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਸੂਬਾ ਸਰਕਾਰਾਂ ‘ਤੇ ਵਿੱਤੀ ਬੋਝ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਲਗਾਤਾਰ ਲੋਕ ਵਿਰੋਧੀ ਨੀਤੀਆਂ ਬਣਾ ਰਹੀ ਹੈ।
ਇਸ ਦੇ ਨਾਲ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਸੀ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਸਕੀਮ ਵਿੱਚ ਬਦਲਾਅ ਕਰ ਰਹੀ ਹੈ, ਅਤੇ ਇਨ੍ਹਾਂ ‘ਤੇ ਚਰਚਾ ਕਰਨ ਲਈ 30 ਦਸੰਬਰ ਨੂੰ ਸਵੇਰੇ 11 ਵਜੇ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ “ਅਸੀਂ ਨਾਮ ਬਦਲਣ ਦੇ ਵਿਰੁੱਧ ਨਹੀਂ ਹਾਂ। ਕੇਂਦਰ ਸਰਕਾਰ ਕਹਿ ਰਹੀ ਹੈ ਕਿ ਇਸਨੇ ਦਿਨਾਂ ਦੀ ਗਿਣਤੀ ਵਧਾ ਕੇ 125 ਕਰ ਦਿੱਤੀ ਹੈ। ਹਾਲਾਂਕਿ, ਕੰਮ ਉਪਲਬਧ ਹੋਣ ਤੋਂ ਰੋਕਣ ਲਈ ਕਈ ਬਦਲਾਅ ਕੀਤੇ ਜਾ ਰਹੇ ਹਨ।”
ਚੀਮਾ ਨੇ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸੋਧ ਬਿੱਲ ਵਿੱਚ ਪੇਸ਼ ਕੀਤੀਆਂ ਗਈਆਂ ਤਬਦੀਲੀਆਂ ‘ਤੇ ਚਰਚਾ ਕੀਤੀ ਜਾਵੇਗੀ। Punjab ਦੇ ਮੁੱਖ ਮੰਤਰੀ ਪਹਿਲਾਂ ਹੀ ਇਨ੍ਹਾਂ ਤਬਦੀਲੀਆਂ ‘ਤੇ ਆਪਣਾ ਇਤਰਾਜ਼ ਪ੍ਰਗਟ ਕਰ ਚੁੱਕੇ ਹਨ। ‘ਆਪ’ ਸਰਕਾਰ ਇਨ੍ਹਾਂ ਵਿਰੁੱਧ ਵਿਧਾਨ ਸਭਾ ਵਿੱਚ ਇੱਕ ਮਤਾ ਵੀ ਪੇਸ਼ ਕਰੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























