ਚੰਡੀਗੜ੍ਹ, 9 ਮਾਰਚ-ਪੰਜਾਬ ਸਰਕਾਰ ਦੁਆਰਾ ਐਸਐਸਏ/ਰਮਸਾ ਅਧਿਆਪਕਾਂ ਨੂੰ ਪੱਕੇ ਕਰਨ ਤੋਂ ਕੀਤੀ ਨਾਂਹ ਅਤੇ ਰੋਸ ਪ੍ਰਦਰਸ਼ਨ ਦੇ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦੇ ਤੋਂ ਮੁੱਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਰਕਾਰ ਵਾਰ-ਵਾਰ ਅਧਿਆਪਕਾਂ ਅਤੇ ਹੋਰ ਵਰਗਾਂ ਨਾਲ ਧੋਖਾ ਕਰ ਰਹੀ ਹੈ।
ਚੰਡੀਗੜ੍ਹ ਵਿਖੇ ‘ਆਪ’ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਰਕਾਰ ਦਾ ਇੱਕ ਤੋਂ ਬਾਅਦ ਇੱਕ ਮੁੱਦੇ ‘ਤੇ ਯੂ-ਟਰਨ ਸਰਕਾਰ ਦੀ ਲੋਕਾਂ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਤਾਂ ਐਸਐਸਏ/ਰਮਸਾ ਅਧਿਆਪਕਾਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਪਰੰਤੂ ਬਾਅਦ ਵਿਚ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਧਰਨੇ ‘ਤੇ ਬੈਠੇ ਪੰਜਾਬ ਸਕੱਤਰੇਤ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਨਾਲ ਵੀ ਸਰਕਾਰ ਵੱਲੋਂ ਕਿਸੇ ਪ੍ਰਕਾਰ ਦੀ ਗੱਲਬਾਤ ਅਜੇ ਨਹੀਂ ਕੀਤੀ ਗਈ ਹੈ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਤੋਂ ਹੀ ਕਰਮਚਾਰੀਆਂ ਦੇ ਖ਼ਿਲਾਫ਼ ਰਹੀ ਹੈ ਅਤੇ ਕਰਮਚਾਰੀਆਂ ਦਾ ਕਰੀਬ 22 ਪ੍ਰਤੀਸ਼ਤ ਡੀ.ਏ ਅਜੇ ਤੱਕ ਸਰਕਾਰ ਵੱਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਆਵਾਜ਼ ਉਠਾਉਣ ਤੋਂ ਬਾਅਦ ਸਰਕਾਰ ਉਨ੍ਹਾਂ ਨੂੰ ਝੂਠੇ ਲਾਰਿਆਂ ਵਿਚ ਅਟਕਾ ਕੇ ਟਾਈਮ ਟਪਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਅਧਿਆਪਕ ਯੂਨੀਅਨਾਂ ਨੇ ਸਰਕਾਰ ਦੁਆਰਾ ਦਿੱਤੀਆਂ ਸ਼ਰਤਾਂ ਨੂੰ ਮੰਨ ਲਿਆ ਸੀ ਪਰੰਤੂ ਫਿਰ ਵੀ ਸਰਕਾਰ ਨੇ ਉਨ੍ਹਾਂ ਨੂੰ ਨਾ ਤਾਂ ਪੱਕੇ ਕੀਤਾ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ।
‘ਆਪ’ ਆਗੂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨ ਕੇ ਸਰਕਾਰ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਚੋਣਾਂ ਤੋਂ ਪਹਿਲਾਂ ਮੈਨੀਫੈਸਟੋ ਵਿਚ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਪ੍ਰਿੰਸੀਪਲ ਬੁੱਧਰਾਮ ਨੇ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉਹ ਆਪਣੇ ਵਾਅਦੇ ਪੂਰੇ ਕਰਨ ਅਤੇ ਸੂਬੇ ਦੇ ਕਰਮਚਾਰੀਆਂ ਦੇ ਡੀ.ਏ ਦੀਆਂ ਕਿਸ਼ਤਾਂ, ਠੇਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਨਵੀਆਂ ਭਰਤੀਆਂ ਕਰਨ ਦਾ ਕਾਰਜ ਅਰੰਭਣ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਰਮਚਾਰੀ ਵਰਗ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇਵੇਗੀ ਉਦੋਂ ਤੱਕ ਸੂਬੇ ਵਿਚ ਪ੍ਰਸ਼ਾਸਨਿਕ ਕਾਰਜ ਕਿਸੇ ਤਰ੍ਹਾਂ ਵੀ ਸਹੀ ਢੰਗ ਨਾਲ ਨਹੀਂ ਹੋ ਸਕੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਧਿਆਪਕਾਂ ਨੂੰ ਤੰਗ ਪਰੇਸ਼ਾਨ ਕਰਨ ਦੀ ਥਾਂ ਉਨ੍ਹਾਂ ਨੂੰ ਬੱਚਿਆਂ ਦੀ ਸਿੱਖਿਆ ‘ਤੇ ਫੋਕਸ ਕਰਨ ਦੇਵੇ ਤਾਂ ਜੋ ਬੱਚਿਆਂ ਦਾ ਭਵਿੱਖ ਸੰਵਾਰਿਆ ਜਾ ਸਕੇ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਅਤੇ ਨਰਸਾਂ ਵੱਲੋਂ ਆਤਮਦਾਹ ਕਰਨ ਦੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਉਹ ਅਜਿਹਾ ਕਰਨ ਤੋਂ ਗੁਰੇਜ਼ ਕਰਨ ਅਤੇ ਆਪਣੀ ਜ਼ਿੰਦਗੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਅਪੀਲ ਕੀਤੀ ਕਿ ਕਰਮਚਾਰੀ ਵਰਗ ਸਰਕਾਰ ਵੱਲੋਂ ਕੀਤੇ ਗਏ ਧੋਖੇ ਦਾ ਜਵਾਬ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਅਤੇ ਅਕਾਲੀ ਦਲ ਖ਼ਿਲਾਫ਼ ਵੋਟ ਕਰਕੇ ਦੇਣ। ਉਨ੍ਹਾਂ ਵਾਅਦਾ ਕੀਤਾ ਕਿ 2022 ਵਿਚ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਰਮਚਾਰੀ ਵਰਗ ਦੀਆਂ ਸਾਰੀਆਂ ਮੰਗਾਂ ਨੂੰ ਮੰਨਿਆ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ...