Punjab: CM ਭਗਵੰਤ ਮਾਨ ਅੱਜ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼
ਅੰਮ੍ਰਿਤਸਰ, 15 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (15 ਜਨਵਰੀ) ਅੰਮ੍ਰਿਤਸਰ ਸਥਿਤ ਸਿੱਖਾਂ ਦੇ ਸਰਵਉੱਚ ਅਸਥਾਨ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਇੱਕ ਇਤਰਾਜ਼ਯੋਗ ਵੀਡੀਓ ਅਤੇ ਗੋਲਕ ਸਮੇਤ ਸਿੱਖ ਮੁੱਦਿਆਂ ‘ਤੇ ਦਿੱਤੇ ਬਿਆਨਾਂ ਨੂੰ ਲੈ ਕੇ ਤਲਬ ਕੀਤਾ ਹੈ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਮੁੱਖ ਮੰਤਰੀ ਅਕਾਲ ਤਖ਼ਤ ਦੇ ਫਸੀਲ ਦੀ ਬਜਾਏ ਸਕੱਤਰੇਤ ਵਿਖੇ ਪੇਸ਼ ਹੋਣਗੇ।
ਅਕਾਲ ਤਖ਼ਤ ਦੇ ਜਥੇਦਾਰ ਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਦੇ ਹੀ ਦਿਨ ਸਵੇਰੇ 10 ਵਜੇ ਬੁਲਾਇਆ ਸੀ ਪਰ ਬਾਅਦ ‘ਚ ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੂੰ ਸ਼ਾਮ 4:30 ਵਜੇ ਆਉਣ ਲਈ ਕਿਹਾ ਸੀ।

ਜਿਸ ਦੇ ਜਵਾਬ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਵੀ ਮੰਗ ਨਹੀਂ ਕੀਤੀ ਗਈ ਹੈ ਅਤੇ 15 ਜਨਵਰੀ ਨੂੰ ਉਨ੍ਹਾਂ ਦਾ ਕੋਈ ਹੋਰ ਪ੍ਰੋਗਰਾਮ ਨਹੀਂ ਹੈ। ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਅਤੇ ਸਮੇਂ ਵਿੱਚ ਕੋਈ ਤਬਦੀਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਜਨਵਰੀ ਨੂੰ ਕੋਈ ਹੋਰ ਪ੍ਰੋਗਰਾਮ ਨਹੀਂ ਹੈ ਅਤੇ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਦਫ਼ਤਰ ਨੂੰ ਵੀ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਬਾਰੇ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ 15 ਜਨਵਰੀ ਦਾ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।
ਮੁੱਖ ਮੰਤਰੀ (Punjab) ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਹਰ ਹੁਕਮ ਸਿਰ ਮੱਥੇ ਹੈ ਅਤੇ ਉਸ ਦਾ ਪਾਲਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਕੁਝ ਤੋਂ ਉੱਪਰ ਹਨ ਅਤੇ ਇਸ ਤੋਂ ਪ੍ਰਾਪਤ ਹੁਕਮ ਨੂੰ ਪੂਰੀ ਸ਼ਰਧਾ ਨਾਲ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਤਖ਼ਤ ਤੋਂ ਪ੍ਰਾਪਤ ਹੁਕਮ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਹੈ, ਸੀ ਅਤੇ ਰਹੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























