Bathinda ਸੜਕ ਹਾਦਸੇ ‘ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ
– ਸਫ਼ਰ ਦੌਰਾਨ ਸਾਵਧਾਨੀ ਵਰਤਣ ਦੀ ਕੀਤੀ ਅਪੀਲ
ਬਠਿੰਡਾ, 17 ਜਨਵਰੀ 2026 (ਵਿਸ਼ਵ ਵਾਰਤਾ): ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ-ਬੀਕਾਨੇਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਗੁਜਰਾਤ ਨੰਬਰ ਦੀ ਇੱਕ ਫਾਰਚੂਨਰ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਮਹਿਲਾ ਕਾਂਸਟੇਬਲ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਠਿੰਡਾ ਦੇ ਪਥਰਾਲਾ ਪਿੰਡ ਨੇੜੇ ਵਾਪਰਿਆ।
ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਮ੍ਰਿਤਕਾਂ ਵਿੱਚ ਚਾਰ ਨੌਜਵਾਨ ਅਤੇ ਇੱਕ ਔਰਤ ਸ਼ਾਮਲ ਹੈ, ਸਾਰਿਆਂ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਹੈ। ਉਨ੍ਹਾਂ ਦੀ ਪਛਾਣ ਅਰਜੁਨ, ਸਤੀਸ਼, ਜਨਕ, ਭਰਤ ਅਤੇ ਅਮਿਤਾ ਬਾਨ ਵਜੋਂ ਹੋਈ ਹੈ। ਮ੍ਰਿਤਕ ਲੜਕੀ ਅਮਿਤਾ ਬਾਨ ਗੁਜਰਾਤ ਪੁਲਿਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ‘ਤੇ ਦੁੱਖ ਜਤਾਇਆ ਹੈ।
ਉਨ੍ਹਾਂ ਕਿਹਾ ਕਿ “ਅੱਜ ਸਵੇਰੇ ਸੰਘਣੀ ਧੁੰਦ ਕਾਰਨ ਬਠਿੰਡਾ ਦੇ ਪਿੰਡ ਗੁਰਥੜੀ ਨੇੜੇ ਵੱਡਾ ਸੜਕ ਹਾਦਸਾ ਹੋਇਆ ਹੈ। ਜਿੱਥੇ ਫਾਰਚੂਨਰ ਗੱਡੀ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੁਜਰਾਤ ਦੀ ਮਹਿਲਾ ਪੁਲਿਸ ਮੁਲਾਜ਼ਮ ਸਮੇਤ 5 ਲੋਕਾਂ ਦੀ ਮੌਤ ਦੀ ਖ਼ਬਰ ਹੈ। SSF ਦੀ ਟੀਮ ਮੌਕੇ ‘ਤੇ ਪਹੁੰਚੀ। ਮੈਂ ਪ੍ਰਸ਼ਾਸਨ ਨੂੰ ਤੁਰੰਤ ਤਫ਼ਤੀਸ਼ ਕਰਨ ਲਈ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਸਾਰਿਆਂ ਨੂੰ ਅਪੀਲ ਹੈ ਕਿ ਸੰਘਣੀ ਧੁੰਦ ਕਾਰਨ ਸਫ਼ਰ ਦੌਰਾਨ ਬਚਾਅ ਰੱਖੀਏ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੀਏ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























