Punjab ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ; ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਹੋਇਆ ਆਗਾਜ਼
ਚੰਡੀਗੜ੍ਹ, 22 ਜਨਵਰੀ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਮੋਹਾਲੀ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ। ਅੱਜ ਤੋਂ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।
ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਆਮਦਨ ਜਾਂ ਉਮਰ ਸੀਮਾ ਨਹੀਂ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਪੰਜਾਬ ਵਾਸੀ ਕੋਲ ਸਿਰਫ਼ ਇੱਕ ਆਧਾਰ ਅਤੇ ਵੋਟਰ ਆਈਡੀ ਕਾਰਡ ਹੋਣਾ ਜ਼ਰੂਰੀ ਹੈ। ਇਸ ਯੋਜਨਾ ਨਾਲ ਪੰਜਾਬ ਦੇ ਲਗਭਗ 3 ਕਰੋੜ ਲੋਕਾਂ ਨੂੰ ਲਾਭ ਹੋਵੇਗਾ। ਸਿਹਤ ਯੋਜਨਾ ਵਿੱਚ ਕੀਮੋਥੈਰੇਪੀ, ਡਿਲੀਵਰੀ, ਅਤੇ ਸਾਰੀਆਂ ਕਿਸਮਾਂ ਦੀਆਂ ਸਰਜਰੀਆਂ ਵੀ ਸ਼ਾਮਲ ਹਨ। ਇਸ ਵਿੱਚ ਐਡਵਾਂਸ ਸਰਜਰੀਆਂ ਵੀ ਸ਼ਾਮਲ ਹਨ। ਇਹ ਯੋਜਨਾ ‘ਚ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦੀ ਪੂਰੀ ਲਾਗਤ ਨੂੰ ਕਵਰ ਕਰਦੀ ਹੈ।
ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨ ਤੋਂ ਬਾਅਦ, ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਇੱਕ ਇਤਿਹਾਸਕ ਦਿਨ ਹੈ। ਪੰਜਾਬ ਵਿੱਚ ਜੋ ਹੋਇਆ ਹੈ, ਇਹ 1950 ਵਿੱਚ ਹੋਣਾ ਚਾਹੀਦਾ ਸੀ। ਆਜ਼ਾਦੀ ਤੋਂ ਬਾਅਦ 75 ਸਾਲਾਂ ਵਿੱਚ, ਬਹੁਤ ਸਾਰੀਆਂ ਸਰਕਾਰਾਂ ਆਈਆਂ ਅਤੇ ਗਈਆਂ, ਪਰ ਕਿਸੇ ਨੇ ਵੀ ਲੋਕਾਂ ਦੀ ਦੇਖਭਾਲ ਨਹੀਂ ਕੀਤੀ।” ਕੇਜਰੀਵਾਲ ਨੇ ਕਿਹਾ ਕਿ ਹੁਣ ਕੋਈ ਵੀ ਪੰਜਾਬੀ ਬਿਮਾਰੀ ਨਾਲ ਨਹੀਂ ਮਰੇਗਾ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੋਜਨਾ ਸਾਰਿਆਂ ਲਈ ਹੈ; ਅਸੀਂ ਕਿਸੇ ਨੂੰ ਕਾਂਗਰਸੀ ਜਾਂ ਅਕਾਲੀ ਨਹੀਂ ਮੰਨਦੇ। ਇਸ ਦਾ ਫਾਇਦਾ ਸਾਰਿਆਂ ਨੂੰ ਹੋਵੇਗਾ।






















