Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ: ਕਈਆਂ ‘ਚ ਮੌਸਮ ਹੋਇਆ ਸਾਫ, ਠੰਢ ‘ਚ ਹੋਇਆ ਵਾਧਾ
ਚੰਡੀਗੜ੍ਹ, 24 ਜਨਵਰੀ 2026 (ਵਿਸ਼ਵ ਵਾਰਤਾ) – ਪਹਾੜਾਂ ਵਿੱਚ ਬਰਫ਼ਬਾਰੀ ਦਾ ਪ੍ਰਭਾਵ ਪੰਜਾਬ (Punjab Weather) ਦੇ ਮੈਦਾਨੀ ਇਲਾਕਿਆਂ ਵਿੱਚ ਮਹਿਸੂਸ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਲਗਾਤਾਰ ਦੋ ਦਿਨਾਂ (ਅੱਜ ਅਤੇ ਕੱਲ੍ਹ) ਲਈ 16 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਛੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਸ਼ਾਮਲ ਹਨ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿੱਚ ਤਬਦੀਲੀ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 8.9 ਡਿਗਰੀ ਦੀ ਗਿਰਾਵਟ ਆਈ ਹੈ। ਇਹ ਆਮ ਨਾਲੋਂ 4.1 ਡਿਗਰੀ ਘੱਟ ਹੈ। ਜਿਸ ਕਰਨ ਮੀਂਹ ਤੋਂ ਬਾਅਦ ਅੱਜ ਸਵੇਰੇ ਠੰਢ ‘ਚ ਵਾਧਾ ਹੋਇਆ ਹੈ। ਉੱਥੇ ਹੀ ਕਈ ਜ਼ਿਲ੍ਹਿਆਂ ‘ਚ ਮੀਂਹ ਤੋਂ ਬਾਅਦ ਮੌਸਮ ਹੋਇਆ ਹੈ ਅਤੇ ਸਵੇਰੇ ਹੀ ਧੁੱਪ ਨਿੱਕਲੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਤੋਂ ਨਮੀ ਇਸ ਸਮੇਂ ਪਾਕਿਸਤਾਨ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੱਕ ਪਹੁੰਚ ਰਹੀ ਹੈ, ਜਿਸ ਨਾਲ ਬਾਰਿਸ਼ ਦੀ ਗਤੀਵਿਧੀ ਹੋ ਰਹੀ ਹੈ। ਇਸ ਕਾਰਨ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਵੇਲੇ ਇੱਕ ਪੱਛਮੀ ਗੜਬੜੀ ਦਾ ਪ੍ਰਭਾਵ ਪੰਜਾਬ ‘ਤੇ ਹੈ। ਪਾਕਿਸਤਾਨ ਦੇ ਆਲੇ-ਦੁਆਲੇ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਆ ਰਿਹਾ ਹੈ। 26 ਜਨਵਰੀ, 2026 ਨੂੰ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵਾਂ ਪੱਛਮੀ ਗੜਬੜੀ ਆਉਣ ਦੀ ਉਮੀਦ ਹੈ, ਜਿਸ ਨਾਲ ਠੰਡ, ਮੀਂਹ ਅਤੇ ਧੁੰਦ ਵਿੱਚ ਵਾਧਾ ਹੋ ਸਕਦਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ (Punjab Weather) ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਅਤੇ 26 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। 27 ਤਰੀਕ ਨੂੰ ਰਾਜ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। 28 ਤਰੀਕ ਨੂੰ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਅਗਲੇ 48 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਵਾਧਾ ਹੋਣ ਦੀ ਉਮੀਦ ਹੈ। ਫਿਰ ਅਗਲੇ 48 ਘੰਟਿਆਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਤੱਕ ਘਟ ਸਕਦਾ ਹੈ ਅਤੇ ਫਿਰ ਹੌਲੀ-ਹੌਲੀ ਦੁਬਾਰਾ ਵਧ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























