Bollywood Actor ਰਾਜਪਾਲ ਯਾਦਵ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
– 16 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ
– ਅਦਾਲਤ ਨੇ ਲਗਾਈ ਫਟਕਾਰ
ਨਵੀ ਦਿੱਲੀ, 12 ਫਰਵਰੀ 2026 (ਵਿਸ਼ਵ ਵਾਰਤਾ) -ਫ਼ਿਲਮ ਅਦਾਕਾਰ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਫਿਲਹਾਲ ਰਾਹਤ ਨਹੀਂ ਮਿਲੀ ਹੈ।ਰਾਜਪਾਲ ਯਾਦਵ ਨੇ ਬੀਤੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ, ਪਰ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸੋਮਵਾਰ 16 ਫਰਵਰੀ ਨੂੰ ਮਾਮਲੇ ‘ਤੇ ਅਗਲੀ ਸੁਣਵਾਈ ਹੋਵੇਗੀ। ਇਹ ਵਿਵਾਦ ਇੱਕ ਪੁਰਾਣੇ ਮਾਮਲੇ ਨਾਲ ਜੁੜਿਆ ਹੋਇਆ ਹੈ, ਯਾਦਵ ‘ਤੇ ਪੈਸੇ ਨਾ ਚੁਕਾਉਣ ਦਾ ਦੋਸ਼ ਹੈ।
ਦੱਸ ਦਈਏ ਕਿ ਸ਼ਾਹਜਹਾਂਪੁਰ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਰਾਜਪਾਲ ਯਾਦਵ ਨੇ ਜ਼ਮਾਨਤ ‘ਤੇ ਰਿਹਾਈ ਦੀ ਮੰਗ ਕੀਤੀ ਸੀ। ਫਿਲਹਾਲ 5 ਫਰਵਰੀ ਤੋਂ ਰਾਜਪਾਲ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਹਨ। ਕੋਰਟ ਨੇ ਰਾਜਪਾਲ ਯਾਦਵ ਨੂੰ ਆਪਣੀ ਵਚਨਬੱਧਤਾ ਨਾ ਨਿਭਾਉਣ ‘ਤੇ ਸਖ਼ਤ ਫਿਟਕਾਰ ਲਗਾਈ।
ਅਦਾਲਤ ਨੇ ਕਿਹਾ ਕਿ ਰਾਜਪਾਲ ਯਾਦਵ ਜੇਲ੍ਹ ਵਿੱਚ ਇਸ ਲਈ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਵਾਅਦੇ ਨਹੀਂ ਨਿਭਾਏ। ਜੱਜ ਨੇ ਸੁਣਵਾਈ ਦੌਰਾਨ ਰਾਜਪਾਲ ਯਾਦਵ ਦੇ ਵਕੀਲਾਂ ਨੂੰ ਕਿਹਾ ਕਿ ਘੱਟੋ-ਘੱਟ ਦੋ ਦਰਜਨ ਵਾਰ ਯਾਦਵ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਹ ਪੈਸੇ ਚੁਕਾਉਣਗੇ, ਪਰ ਹਰ ਵਾਰ ਉਹ ਅਸਫ਼ਲ ਰਹੇ। ਅਦਾਲਤ ਨੇ ਮਾਮਲੇ ਨੂੰ ਸੋਮਵਾਰ ਲਈ ਮੁਲਤਵੀ ਕਰ ਦਿੱਤਾ। ਅਦਾਲਤ ਨੇ ਸ਼ਿਕਾਇਤਕਰਤਾ ਨੂੰ ਜ਼ਮਾਨਤ ਪਟੀਸ਼ਨ ‘ਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























