Punjab: ਸੁਖਬੀਰ ਬਾਦਲ ਮਾਣਹਾਨੀ ਕੇਸ: ਅੱਜ ਹੋਵੇਗੀ ਸੁਣਵਾਈ
ਚੰਡੀਗੜ੍ਹ, 16 ਫਰਵਰੀ 2026 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Punjab) ਦੀ 8 ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਅਦਾਲਤ ਵੱਲੋਂ 14 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਸੀ ਅਤੇ ਅੱਜ ਵਾਲੀ ਸੁਣਵਾਈ ਦੌਰਾਨ ਸੁਖਬੀਰ ਬਾਦਲ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਦੱਸ ਦਈਏ ਕਿ ਇਹ ਮਾਮਲਾ 2017 ਦਾ ਹੈ। ਅਖੰਡ ਕੀਰਤਨੀ ਜਥੇ ਦੇ ਬੁਲਾਰੇ ਅਤੇ ਮੋਹਾਲੀ ਦੇ ਵਸਨੀਕ ਰਜਿੰਦਰ ਪਾਲ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਇਹ ਸ਼ਿਕਾਇਤ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਤਹਿਤ ਦਾਇਰ ਕੀਤੀ ਗਈ ਸੀ।
ਸ਼ਿਕਾਇਤ ਦੇ ਅਨੁਸਾਰ, 4 ਜਨਵਰੀ, 2017 ਨੂੰ, ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਾਜਿੰਦਰ ਪਾਲ ਸਿੰਘ ਦੇ ਨਿਵਾਸ ਸਥਾਨ ‘ਤੇ ਜਾਣ ਤੋਂ ਬਾਅਦ, ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਇੱਕ ਬਿਆਨ ਦਿੱਤਾ ਸੀ, ਜਿਸ ਵਿੱਚ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ ਦਾ ਰਾਜਨੀਤਿਕ ਫਰੰਟ ਕਿਹਾ ਗਿਆ ਸੀ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇਸ ਬਿਆਨ ਨੇ ਉਨ੍ਹਾਂ ਦੇ ਸੰਗਠਨ ਦੇ ਅਕਸ ਅਤੇ ਸਾਖ ਨੂੰ ਗੰਭੀਰਤਾ ਨਾਲ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























