Bangladesh ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਬਹਾਲ
– ਤਾਰਿਕ ਰਹਿਮਾਨ ਨੇ ਪ੍ਰਧਾਨ ਮੰਤਰੀ ਬਣਦੇ ਹੀ ਚੁੱਕਿਆ ਵੱਡਾ ਕਦਮ
ਨਵੀ ਦਿਲੀ, 20 ਫਰਵਰੀ (ਵਿਸ਼ਵ ਵਾਰਤਾ): ਭਾਰਤ ਅਤੇ ਬੰਗਲਾਦੇਸ਼ ਦੇ ਸਬੰਧਾਂ ਵਿੱਚ ਮੁਹੰਮਦ ਯੂਨਸ ਦੇ ਕਾਰਜਕਾਲ ਦੌਰਾਨ ਆਈ ਕੁੜੱਤਣ ਵਿੱਚ ਹੁਣ ਸੁਧਾਰ ਦੀ ਉਮੀਦ ਜਾਗੀ ਹੈ। ਸ਼ੁੱਕਰਵਾਰ ਨੂੰ ਬੰਗਲਾਦੇਸ਼ ਹਾਈ ਕਮਿਸ਼ਨ ਨੇ ਨਵੀਂ ਦਿੱਲੀ ਵਿੱਚ ਭਾਰਤੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਇਸ ਫੈਸਲੇ ਦੇ ਨਾਲ ਹੀ ਦਸੰਬਰ 2025 ਤੋਂ ਵੀਜ਼ਾ ਸੇਵਾਵਾਂ ‘ਤੇ ਲੱਗੀ ਰੋਕ ਖ਼ਤਮ ਹੋ ਗਈ ਹੈ। ਇਸ ਫੈਸਲੇ ਨੂੰ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਘੱਟ ਹੋਣ ਦਾ ਪਹਿਲਾ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਇਹ ਵੀਜ਼ਾ ਸੇਵਾਵਾਂ ਪਿਛਲੇ ਦੋ ਮਹੀਨਿਆਂ ਤੋਂ ਬੰਦ ਸਨ। ਇਹ ਫੈਸਲਾ ਵੀ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਤਿੰਨ ਦਿਨ ਪਹਿਲਾਂ ਹੀ ਤਾਰਿਕ ਰਹਿਮਾਨ ਨੇ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਸੰਕੇਤ ਮਿਲ ਰਹੇ ਹਨ ਕਿ ਉਹਨਾਂ ਦੀ ਪਾਰਟੀ, ਬੀ.ਐੱਨ.ਪੀ. (BNP) ਲਈ ਨਵੀਂ ਦਿੱਲੀ ਬਹੁਤ ਅਹਿਮ ਹੈ ਅਤੇ ਸ਼ੁਰੂਆਤੀ ਤੌਰ ‘ਤੇ ਰਿਸ਼ਤਿਆਂ ਨੂੰ ਸੁਧਾਰਨ ਦੀ ਪਹਿਲ ਹੋ ਰਹੀ ਹੈ।
ਦਸੰਬਰ ਵਿੱਚ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਦਰਾਰ ਆਈ ਸੀ ਅਤੇ ਇਸ ਤੋਂ ਬਾਅਦ ਹੀ ਵਣਜ ਦੂਤਾਵਾਸ (Consulate) ਅਤੇ ਵੀਜ਼ਾ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਸੀ। ਇਹ ਤਣਾਅ ਭਾਰਤ-ਵਿਰੋਧੀ ਵਿਦਿਆਰਥੀ ਆਗੂ ਸ਼ਰੀਫ਼ ਉਸਮਾਨ ਹਾਦੀ ਦੀ ਹੱਤਿਆ ਤੋਂ ਬਾਅਦ ਹੋਰ ਜ਼ਿਆਦਾ ਵੱਧ ਗਿਆ ਸੀ। ਹਾਦੀ ਦੀ ਮੌਤ ਤੋਂ ਬਾਅਦ ਬੰਗਲਾਦੇਸ਼ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਏ ਸਨ। ਨਾਲ ਹੀ ਕਈ ਹਿੰਦੂਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















