– ਮਾਮਲਾ ਪੋਸਟ ਮੈਟ੍ਰਿਕ ਵਜੀਫਾ ਸਕੀਮ ਦੀ ਬਕਾਇਆ ਰਾਸ਼ੀ ਕਾਰਣ ਪੰਜਾਬ ਯੂਨੀਵਰਸਿਟੀ ਵੱਲੋਂ ਦਲਿਤ ਵਿਦਿਆਰਥਿਆਂ ਦੀਆ ਡਿਗਰੀਆਂ ਰੋਕਣ ਦਾ
– ਅਕਾਲੀ-ਭਾਜਪਾ ਸਰਕਾਰ ਵਾਂਗ ਕਾਂਗਰਸ ਸਰਕਾਰ ਨੇ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਖੁਰਦ-ਬੁਰਦ ਕੀਤੀ
ਚੰਡੀਗੜ੍ਹ 5 ਅਪ੍ਰੈਲ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਅਤੇ ਕੇਂਦਰ ਸਰਕਾਰ ਉੱਤੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵੀ ਦਲਿਤ ਵਿਦਿਆਰਥੀਆਂ ਦੀ ਪ੍ਰੀ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਅਰਬਾਂ ਰੁਪਏ ਖ਼ੁਰਦ ਬੁਰਦ ਕਰ ਦਿੱਤੇ ਹਨ। ਜਿਸ ਕਾਰਨ ਨਿੱਜੀ ਅਤੇ ਸਰਕਾਰੀ ਵਿੱਦਿਅਕ ਸੰਸਥਾਨਾਂ ਵੱਲੋਂ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਹਨ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਿਆ ਗਿਆ ਫ਼ੈਸਲਾ ਇਸ ਦੀ ਤਾਜ਼ਾ ਮਿਸਾਲ ਹੈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਸਰਕਾਰ ਵੱਲੋਂ 10 ਕਰੋੜ ਤੋਂ ਜ਼ਿਆਦਾ ਬਕਾਇਆ ਖੜ੍ਹਾ ਹੈ ਕਿਉਂਕਿ ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਿਤ ਪੰਜਾਬ ਦੇ ਕਾਲਜਾਂ ਵਿੱਚ ਪੜ੍ਹਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲਦੇ ਪੋਸਟ ਮੈਟ੍ਰਿਕ ਵਜ਼ੀਫ਼ੇ ਦੇ ਪੈਸੇ ਸਮੇਂ ਸਿਰ ਦੇਣ ਤੋਂ ਅਸਫਲ ਰਹੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਇਹ ਬਕਾਇਆ ਸਾਲ 2015 ਤੋਂ ਲੈ ਕੇ 2018 ਤੱਕ 4 ਸਾਲਾਂ ਦਾ ਹੈ। ਜਿਸ ਤੋਂ ਸਪਸ਼ਟ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਕੋਈ ਸਰੋਕਾਰ ਨਹੀਂ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਐਸਸੀ/ਐਸਟੀ ਪ੍ਰੀ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਦਾ ਪੰਜਾਬ ਸਰਕਾਰ ਵੱਲ ਸਿਰਫ਼ ਪੰਜਾਬ ਯੂਨੀਵਰਸਿਟੀ ਦਾ ਹੀ 10 ਕਰੋੜ ਨਹੀਂ ਸਗੋਂ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ 32 ਕਰੋੜ ਰੁਪਏ ਸਮੇਤ ਦੂਸਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੇ 1200 ਕਰੋੜ ਰੁਪਏ ਦੇ ਬਕਾਏ ਖੜ੍ਹੇ ਹਨ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਰਾਸ਼ੀ ਜਮ੍ਹਾ ਨਾ ਕਰਵਾਉਣ ਤੱਕ ਅੱਜ ਪੰਜਾਬ ਯੂਨੀਵਰਸਿਟੀ ਨੇ 10 ਹਜ਼ਾਰ ਦੇ ਕਰੀਬ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਹਨ। ਕੱਲ੍ਹ ਨੂੰ ਇਹ ਕਦਮ ਬਾਕੀ ਯੂਨੀਵਰਸਿਟੀਆਂ ਅਤੇ ਕਾਲਜ ਉਠਾ ਲੈਣਗੇ ਤਾਂ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਲਈ ਕੈਪਟਨ ਸਰਕਾਰ ਪਿਛਲੀ ਬਾਦਲ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਦਲਿਤਾਂ ਦੀ ਹਿਤੈਸ਼ੀ ਹੁੰਦੀ ਤਾਂ ਸੂਬਾ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਅਤੇ ਘੱਟ ਗਿਣਤੀ ਵਿਦਿਆਰਥੀਆਂ ਦੀਆਂ ਵਜ਼ੀਫ਼ਾ ਸਕੀਮਾਂ ਵਿੱਚ ਹੁਣ ਤੱਕ ਭੇਜੀ ਕੁੱਲ ਰਾਸ਼ੀ ਦਾ ਆਡਿਟ ਕਰਵਾ ਕੇ ਹਿਸਾਬ ਲੈਂਦੀ ਅਤੇ ਦਲਿਤ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਦੀ ਥਾਂ ਸੂਬਾ ਸਰਕਾਰ (ਅਕਾਲੀ ਭਾਜਪਾ ਅਤੇ ਕਾਂਗਰਸ) ਨੂੰ ਕਟਹਿਰੇ ਵਿੱਚ ਖੜ੍ਹਾ ਕਰਦੀ।
ਚੀਮਾ ਨੇ ਕਿਹਾ ਕੇਂਦਰ ਮਾਨਵ ਸੰਸਥਾਨ ਮੰਤਰੀ ਨੂੰ ਪੰਜਾਬ ਯੂਨੀਵਰਸਿਟੀ ਦੇ ਫ਼ੈਸਲੇ ਵਿਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਗਈਆਂ ਡਿਗਰੀਆਂ ਤੁਰੰਤ ਜਾਰੀ ਕਰਵਾਈਆਂ ਜਾਣ।