CM ਮਾਨ ਦਾ ਵੱਡਾ ਐਕਸ਼ਨ! ਲਾਲਜੀਤ ਭੁੱਲਰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ
ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ) – ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲਾਲਜੀਤ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਰੰਧਾਵਾ ਦਾ ਤੀਜੇ ਦਿਨ ਵੀ ਪੋਸਟਮਾਰਟਮ ਨਹੀਂ ਹੋ ਸਕਿਆ। ਉਨ੍ਹਾਂ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੱਖੀ ਗਈ ਹੈ। ਇਸ ਮਾਮਲੇ ਵਿੱਚ ਹੁਣ ਰੰਧਾਵਾ ਦੇ ਪਰਿਵਾਰ ਨੇ ਸਪਸ਼ਟ ਤੌਰ ‘ਤੇ ਕਿਹਾ ਸੀ ਕਿ ਜਦੋਂ ਤੱਕ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਉਹ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਹੀਂ ਕਰਨਗੇ।
ਰੰਧਾਵਾ ਦੀ ਪਤਨੀ ਨੇ ਅੰਮ੍ਰਿਤਸਰ ਸਥਿਤ ਆਪਣੇ ਘਰ ‘ਤੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਸੀ ਕਿ ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ, ਨਹੀਂ ਤਾਂ ਉਹ ਆਪਣੀਆਂ 2 ਧੀਆਂ ਅਤੇ ਇੱਕ ਪੁੱਤਰ ਨੂੰ ਲੈ ਕੇ ਸੜਕ ‘ਤੇ ਬੈਠ ਜਾਣਗੇ।
ਦੱਸ ਦਈਏ ਕਿ ਬੀਤੀ 21 ਮਾਰਚ ਨੂੰ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਕੋਈ ਜ਼ਹਿਰੀਲਾ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ। ਰੰਧਾਵਾ ਦੀ ਇਕ ਵੀਡੀਓ ਵੀ ਵਾਇਰਲ ਹੋਈ ਸੀ ਜਿਸ ਵਿਚ ਉਨ੍ਹਾਂ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਗੰਭੀਰ ਦੋਸ਼ ਲਾਏ ਸਨ।























