Punjab: DM ਰੰਧਾਵਾ ਮਾਮਲੇ ’ਚ ਲਾਲਜੀਤ ਭੁੱਲਰ ਦਾ PA ਵੀ ਗ੍ਰਿਫ਼ਤਾਰ
ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਪੰਜਾਬ ਪੁਲਿਸ ਵੱਲੋਂ ‘ਆਪ’ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਲਾਲਜੀਤ ਭੁੱਲਰ ਦੇ PA ਦਿਲਬਾਗ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ
ਇਸ ਤੋਂ ਪਹਿਲਾ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਵੀ ਬਿਆਨ ਸਾਹਮਣੇ ਆਇਆ ਜਿਸ ‘ਚ ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਸੀਐਮ ਮਾਨ ਨੇ ਟਵੀਟ ਕਰ ਕਿਹਾ ਕਿ “ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ,ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ,ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ।”
ਇਸ ਮਾਮਲੇ ‘ਚ ਅੰਮ੍ਰਿਤਸਰ ਦੇ ਡੀ.ਸੀ.ਪੀ. ਰਵਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਡੀ.ਸੀ.ਪੀ. ਨੇ ਕਿਹਾ ਕਿ ਭੁੱਲਰ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ (ਫੇਸਬੁੱਕ) ‘ਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਆਤਮ-ਸਮਰਪਣ (ਸਰੰਡਰ) ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਉਨ੍ਹਾਂ ਨੂੰ ਰਾਤ ਨੂੰ ਅੰਮ੍ਰਿਤਸਰ ਲੈ ਕੇ ਆਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























