Ludhiana : ਕਾਂਗਰਸੀ ਆਗੂ ਦਾ ਬੇਰਹਿਮੀ ਨਾਲ ਕਤਲ!
– ਅਣਪਛਾਤੇ ਹਮਲਾਵਰਾਂ ਨੇ ਕੁਹਾੜੀ ਨਾਲ ਕੀਤਾ ਹਮਲਾ
ਲੁਧਿਆਣਾ, 29 ਮਾਰਚ 2026 (ਵਿਸ਼ਵ ਵਾਰਤਾ) – ਮਾਛੀਵਾੜਾ ਕਸਬੇ ਦੇ ਪਿੰਡ ਤੱਖਰਾਂ ਨੇੜੇ ਕਾਂਗਰਸ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਹਮਲਾਵਰਾਂ ਨੇ ਪਿੱਛੋਂ ਕੁਹਾੜੀ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਉਨ੍ਹਾਂ ਦੇ ਕੰਨ ਅਤੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਹ ਮੌਕੇ ‘ਤੇ ਹੀ ਡਿੱਗ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮਾਛੀਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੂਮਕਲਾਂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਇਸ ਹਮਲੇ ਵਿੱਚ ਦੋ ਅਣਪਛਾਤੇ ਵਿਅਕਤੀ ਸ਼ਾਮਲ ਸਨ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਦੇ ਪਿਤਾ ਜ਼ਮੀਨ ‘ਤੇ ਡਿੱਗੇ ਹੋਏ ਸਨ। ਕਿਸੇ ਨੇ ਉਨ੍ਹਾਂ ਦੇ ਸਿਰ ‘ਤੇ ਵਾਰ ਕੀਤਾ ਸੀ। ਹਮਲਾਵਰ ਦੋ ਲੋਕ ਸਨ, ਜੋ ਵਾਰਦਾਤ ਤੋਂ ਬਾਅਦ ਲੁਧਿਆਣਾ ਵੱਲ ਭੱਜ ਗਏ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲੈ ਕੇ ਗਏ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਬਲਾਕ ਪ੍ਰਧਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ (CCTV) ਫੁਟੇਜ ਖੰਗਾਲੇ ਜਾ ਰਹੇ ਹਨ।























