Himachal : ਵਾਹਨਾਂ ‘ਤੇ ਐਂਟਰੀ ਟੈਕਸ ਦੇ ਮਾਮਲੇ ‘ਤੇ CM ਸੁੱਖੂ ਕਰਨਗੇ ਪੰਜਾਬ CM ਭਗਵੰਤ ਮਾਨ ਨਾਲ ਗੱਲਬਾਤ
ਨਵੀ ਦਿੱਲੀ, 31 ਮਾਰਚ 2026 (ਵਿਸ਼ਵ ਵਾਰਤਾ) – ਹਿਮਾਚਲ ਵਿੱਚ ਵਾਹਨਾਂ ‘ਤੇ ਵਧਾਏ ਗਏ ਐਂਟਰੀ ਟੈਕਸ ਦੇ ਮਾਮਲੇ ‘ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਹ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨਗੇ। ਦੱਸ ਦਈਏ ਕਿ ਹਿਮਾਚਲ ਸਰਕਾਰ ਨੇ ਐਂਟਰੀ ਟੈਕਸ ਦੀਆਂ ਦਰਾਂ ਵਿੱਚ 100 ਤੋਂ 280 ਰੁਪਏ ਤੱਕ ਦਾ ਵਾਧਾ ਕੀਤਾ ਹੈ। ਇਸ ਕਾਰਨ ਗੁਆਂਢੀ ਸੂਬਿਆਂ ਪੰਜਾਬ ਅਤੇ ਹਰਿਆਣਾ ਦੇ ਲੋਕ, ਖ਼ਾਸ ਕਰਕੇ ਟੈਕਸੀ ਆਪਰੇਟਰ ਭੜਕ ਉੱਠੇ ਹਨ। ਹਿਮਾਚਲ ਦੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ ਵੀ ਹਿਮਾਚਲ ਦੇ ਵਾਹਨਾਂ ‘ਤੇ ਟੈਕਸ ਲਗਾਉਣ ਦੇ ਸੰਕੇਤ ਦਿੱਤੇ ਹਨ।
ਅੱਜ ਇਹ ਮੁੱਦਾ ਹਿਮਾਚਲ ਵਿਧਾਨ ਸਭਾ ਵਿੱਚ ਵੀ ਗੂੰਜਿਆ। ਭਾਜਪਾ ਵਿਧਾਇਕ ਰਣਧੀਰ ਸ਼ਰਮਾ ਨੇ ਕਿਹਾ ਕਿ ਐਂਟਰੀ ਟੈਕਸ ਦੀਆਂ ਨਵੀਂਆਂ ਦਰਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਰਹੀਆਂ ਹਨ। ਇਸ ਕਾਰਨ ਕੱਲ੍ਹ ਤੋਂ ਸਰਹੱਦੀ ਖੇਤਰਾਂ ਵਿੱਚ ਹਾਲਾਤ ਵਿਗੜ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਫੈਸਲੇ ਖ਼ਿਲਾਫ਼ ਵਿਰੋਧ ਹੋ ਰਿਹਾ ਹੈ। ਉੱਥੋਂ ਦੇ ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਕੱਲ੍ਹ ਤੋਂ ਹਿਮਾਚਲ ਦੇ ਵਾਹਨਾਂ ਨੂੰ ਪੰਜਾਬ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਨਾਲ ਸਰਹੱਦੀ ਖੇਤਰਾਂ ਵਿੱਚ ਕਾਨੂੰਨ-ਵਿਵਸਥਾ ਵਿਗੜਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਇਸ ‘ਤੇ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਸਰਕਾਰ ਕੋਲ ਸਰਹੱਦੀ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਤਣਾਅ ਜਾਂ ਵਿਰੋਧ ਦੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਂਟਰੀ ਟੈਕਸ ਸਿਰਫ਼ ਵੱਡੇ ਵਾਹਨਾਂ ‘ਤੇ ਵਧਾਇਆ ਗਿਆ ਹੈ ਅਤੇ ਸਰਕਾਰ ਟੈਕਸ ਦੇ ਰੈਸ਼ਨਲਾਈਜ਼ੇਸ਼ਨ ‘ਤੇ ਵੀ ਵਿਚਾਰ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























