Amritsar: ਹਵਾਈ ਅੱਡੇ ‘ਤੇ ਸ਼ਰਾਬ ਦੀਆਂ ਦੁਕਾਨਾਂ ‘ਗੁਰੂ ਕੀ ਨਗਰੀ’ ਦੀ ਮਰਿਯਾਦਾ ਅਤੇ ਪਵਿੱਤਰਤਾ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
– ਅਯੁੱਧਿਆ ਅਤੇ ਬਨਾਰਸ ਏਅਰਪੋਰਟਾਂ ਦੀ ਤਰਜ਼ ‘ਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੀ ਸ਼ਰਾਬ ਦੀਆਂ ਦੁਕਾਨਾਂ ਤੁਰੰਤ ਬੰਦ ਕੀਤੀਆਂ ਜਾਣ: ਪੀਰ ਮੁਹੰਮਦ
ਅੰਮ੍ਰਿਤਸਰ, 2 ਅਪ੍ਰੈਲ, (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ, ਅੰਮ੍ਰਿਤਸਰ ਵਿਖੇ ਚੱਲ ਰਹੀਆਂ ਡਿਊਟੀ-ਫ੍ਰੀ ਸ਼ਰਾਬ ਦੀਆਂ ਦੁਕਾਨਾਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਸ਼ਵ ਭਰ ਦੇ ਸਿੱਖਾਂ ਲਈ ਸਰਵਉੱਚ ਰੂਹਾਨੀ ਕੇਂਦਰ ਹੈ ਅਤੇ ਇਸ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਹਾਸਲ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਪਹਿਲੂ ਹੈ ਕਿ ਜਿਸ ਹਵਾਈ ਅੱਡੇ ਦਾ ਨਾਮ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਨਾਮ ‘ਤੇ ਰੱਖਿਆ ਗਿਆ ਹੋਵੇ, ਉੱਥੇ ਸ਼ਰਾਬ ਵਰਗੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਹੋ ਰਹੀ ਹੈ।
ਉਨ੍ਹਾਂ ਕੇਂਦਰ ਸਰਕਾਰ ਦੀ ਨੀਤੀ ‘ਤੇ ਸਵਾਲ ਚੁੱਕਦਿਆਂ ਕਿਹਾ, “ਜੇਕਰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਅਤੇ ਬਨਾਰਸ (ਵਾਰਾਣਸੀ) ਵਰਗੇ ਧਾਰਮਿਕ ਸ਼ਹਿਰਾਂ ਦੇ ਹਵਾਈ ਅੱਡਿਆਂ ‘ਤੇ ਪਵਿੱਤਰਤਾ ਦਾ ਸਤਿਕਾਰ ਕਰਦਿਆਂ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਗਈਆਂ, ਤਾਂ ਫਿਰ ਅੰਮ੍ਰਿਤਸਰ ਨਾਲ ਇਹ ਵਿਤਕਰਾ ਕਿਉਂ? ਕੀ ਅੰਮ੍ਰਿਤਸਰ ਦੀ ਧਾਰਮਿਕ ਮਰਿਯਾਦਾ ਕੇਂਦਰ ਸਰਕਾਰ ਲਈ ਕੋਈ ਅਹਿਮੀਅਤ ਨਹੀਂ ਰੱਖਦੀ?”
ਪੀਰ ਮੁਹੰਮਦ ਨੇ ਅੱਗੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਇਸ ਹਵਾਈ ਅੱਡੇ ਰਾਹੀਂ ਆਉਂਦੇ ਹਨ। ਅਜਿਹੇ ਵਿੱਚ ਹਵਾਈ ਅੱਡੇ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ ਹੋਣਾ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਦਾ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ਦਾ ਨੋਟਿਸ ਲੈਣ ਅਤੇ ਗੁਰੂ ਕੀ ਨਗਰੀ ਦੇ ਹਵਾਈ ਅੱਡੇ ਤੋਂ ਸ਼ਰਾਬ ਦੀਆਂ ਦੁਕਾਨਾਂ ਹਟਾਉਣ ਦੇ ਤੁਰੰਤ ਆਦੇਸ਼ ਜਾਰੀ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਪਵਿੱਤਰ ਸਰੂਪ ਅਤੇ ਮਰਿਯਾਦਾ ਨੂੰ ਕਾਇਮ ਰੱਖਣਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























