Punjab: 3 ਨਕਲੀ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
– ਖ਼ਾਕੀ ਵਰਦੀ, ਨਕਲੀ ਆਈਡੀ ਤੇ ਵਿਦੇਸ਼ੀ ਪਿਸਤੌਲ ਬਰਾਮਦ
ਮਲੇਰਕੋਟਲਾ, 7 ਅਪ੍ਰੈਲ (ਵਿਸ਼ਵ ਵਾਰਤਾ) – ਮਲੇਰਕੋਟਲਾ ਵਿੱਚ ਪੁਲਿਸ ਨੇ ਤਿੰਨ ਨਕਲੀ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ। ਮਲੇਰਕੋਟਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਇਲਾਕੇ ਵਿੱਚ ਕੋਈ ਵਾਰਦਾਤ ਕਰਨ ਦੀ ਫਿਰਾਕ ਵਿੱਚ ਹਨ, ਜਿਸ ‘ਤੇ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ ਅਤੇ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਪੁਲਿਸ ਦੀ ਵਰਦੀ, ਨਕਲੀ ਆਈਡੀ (ID) ਅਤੇ ਪਿਸਤੌਲ ਬਰਾਮਦ ਹੋਏ ਹਨ।
ਮੁਲਜ਼ਮ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਪਛਾਣ ਮਹਿੰਦੀਪੁਰ ਦੇ ਰਣਬੀਰ ਸਿੰਘ ਉਰਫ਼ ਦੀਪਾ, ਭਿੱਖੀਵਿੰਡ ਦੇ ਬਲਟੋਹਾ ਦੇ ਹਰਪ੍ਰੀਤ ਸਿੰਘ ਅਤੇ ਮਹਿੰਦੀਪੁਰ ਦੇ ਗੁਰਲਾਲ ਵਜੋਂ ਹੋਈ ਹੈ। ਪੁਲਿਸ ਹੁਣ ਤਿੰਨਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੂੰ ਸੂਚਨਾ ਮਿਲੀ ਕਿ ਰਣਬੀਰ ਸਿੰਘ ਪੁਲਿਸ ਦੀ ਵਰਦੀ ਪਾ ਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਪਹਿਲਾਂ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ। ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜਦੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਖ਼ੁਲਾਸਾ ਕੀਤਾ ਕਿ ਤਰਨਤਾਰਨ ਤੋਂ ਉਸ ਦੇ ਦੋ ਹੋਰ ਸਾਥੀ ਆ ਰਹੇ ਹਨ ਅਤੇ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਗੇ। ਉਹ ਵੀ ਪੁਲਿਸ ਦੀ ਵਰਦੀ ਪਹਿਨ ਕੇ ਹੀ ਆਉਣਗੇ। ਰਣਬੀਰ ਸਿੰਘ ਨੇ ਪੁੱਛਗਿੱਛ ਦੌਰਾਨ ਪੁਲਿਸ ਕੋਲ ਸਾਰੇ ਪਲਾਨਦਾ ਖ਼ੁਲਾਸਾ ਕਰ ਦਿੱਤਾ।
ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਤਾਰ ਕਿੱਥੇ-ਕਿੱਥੇ ਜੁੜੇ ਹੋਏ ਹਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਕੋਲ ਇਹ ਇੰਪੋਰਟਡ (ਵਿਦੇਸ਼ੀ) ਪਿਸਤੌਲ ਕਿੱਥੋਂ ਆਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























