Big News: ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 13 ਅਪ੍ਰੈਲ 2026: ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਵਿਧਾਨ ਸਭਾ ਵੱਲੋਂ ਜਦੋਂ ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਤਾਂ ਬਿੱਲ ਦੇ ਪਾਸ ਹੋਣ ਮਗਰੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜ ਵਾਰ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਲਾਏ। ਬਿੱਲ ਪਾਸ ਹੋਣ ਮਗਰੋਂ ਵਿਧਾਨ ਸਭਾ ਸਪੀਕਰ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।
ਜਦੋਂ 11:30 ਵਜੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਦੂਜੀ ਵਾਰ ਸ਼ੁਰੂ ਹੋਈ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਤਿਕਾਰ ਸੋਧ ਬਿੱਲ (2026) ਪੇਸ਼ ਕੀਤਾ ਗਿਆ ਸੀ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਦਾ ਨਾਮ ਦਿੱਤਾ ਗਿਆ ਹੈ। ਬਿੱਲ ਪਾਸ ਹੋਣ ਤੋਂ ਬਾਅਦ, ਇਸਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਇਸਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਵੱਧ ਤੋਂ ਵੱਧ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਅੱਜ ਸਵੇਰੇ ਜਦੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਈ ਸੀ ਤਾਂ ਸਭ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੇ ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਜਾਨ ਗਵਾਉਣ ਵਾਲੇ, ਕਾਂਗੜਾ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਅਤੇ ਸਾਬਕਾ ਮੰਤਰੀ ਲਾਲ ਸਿੰਘ ਅਤੇ ਆਸ਼ਾ ਭੋਂਸਲੇ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਕ ਸ਼ੋਕ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 11:30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























