Anti Sikh riots: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
– ਜ਼ਮਾਨਤ ਅਰਜ਼ੀ ਰੱਦ!
ਨਵੀਂ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) : 1984 ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸੀ ਸਾਂਸਦ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਜੇਲ੍ਹ ਬੰਦ ਸੱਜਣ ਕੁਮਾਰ ਲਗਾਤਾਰ ਉੱਚ ਅਦਾਲਤਾਂ ਤੋਂ ਰਾਹਤ ਦੀ ਮੰਗ ਕਰ ਰਿਹਾ ਹੈ। ਪਰ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਨਾਲ ਉਸ ਦੀਆਂ ਉਮੀਦਾਂ ਨੂੰ ਇੱਕ ਵਾਰ ਤੋੜ ਦਿੱਤਾ ਹੈ।ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਉਸ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਸ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
ਸੱਜਣ ਕੁਮਾਰ ਇਸ ਸਮੇਂ 1984 ਦੇ ਦੰਗਿਆਂ ਨਾਲ ਜੁੜੇ ਕਈ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਦਿੱਲੀ ਹਾਈ ਕੋਰਟ ਨੇ 2018 ਵਿੱਚ ਉਸ ਨੂੰ ਪਾਲਮ ਕਾਲੋਨੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ 2025 ਵਿੱਚ ਇੱਕ ਹੋਰ ਮਾਮਲੇ ਵਿੱਚ ਵੀ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜੋ ਸਰਸਵਤੀ ਵਿਹਾਰ ਵਿੱਚ ਹੋਈ ਹਿੰਸਾ ਅਤੇ ਕਤਲ ਦੀ ਸਾਜ਼ਿਸ਼ ਨਾਲ ਸਬੰਧਤ ਸੀ।
ਸਾਬਕਾ ਕਾਂਗਰਸੀ ਸਾਂਸਦ ਨੇ ਆਪਣੀ ਸਿਹਤ ਅਤੇ ਉਮਰ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਉਸ ਦਾ ਕਹਿਣਾ ਸੀ ਕਿ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਰਹਿਣ ਅਤੇ ਸਿਹਤ ਸਮੱਸਿਆਵਾਂ ਕਾਰਨ ਉਸ ਨੂੰ ਰਾਹਤ ਦਿੱਤੀ ਜਾਵੇ। ਇਸ ਤੋਂ ਇਲਾਵਾ ਸੱਜਣ ਕੁਮਾਰ ਨੇ ਇਹ ਵੀ ਦਲੀਲ ਦਿੱਤੀ ਕਿ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਬੀਮਾਰ ਹੈ ਅਤੇ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀ ਪਤਨੀ ਨੂੰ ਇੱਕ ਵਾਰ ਵੀ ਨਹੀਂ ਮਿਲ ਸਕਿਆ। ਹਾਲਾਂਕਿ, ਅਦਾਲਤ ਨੇ ਇਨ੍ਹਾਂ ਦਲੀਲਾਂ ਨੂੰ ਜ਼ਮਾਨਤ ਦੇਣ ਲਈ ਕਾਫ਼ੀ ਨਹੀਂ ਮੰਨਿਆ ਅਤੇ ਸੱਜਣ ਕੁਮਾਰ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ।
ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਮੰਨਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ “ਇਹ ਮਾਮਲਾ ਬਹੁਤ ਗੰਭੀਰ ਅਪਰਾਧਾਂ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਵੱਡੇ ਪੱਧਰ ‘ਤੇ ਬੇਗੁਨਾਹ ਲੋਕਾਂ ਦੀਆਂ ਜਾਨਾਂ ਗਈਆਂ ਸਨ। ਅਜਿਹੇ ਵਿੱਚ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣੀ ਉਚਿਤ ਨਹੀਂ ਹੈ।






















