Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
– ਪੰਜਾਬ ਦੇ ਡੀਜੀਪੀ ਅਤੇ ਐਡਵੋਕੇਟ ਜਨਰਲ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 25 ਅਪ੍ਰੈਲ 2026 – ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਖ਼ਬਰ ਸਾਹਮਣੇ ਆ ਰਹੀ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਇਹ ਧਮਕੀਆਂ ਦਿੱਤੀਆਂ ਗਈਆਂ ਹਨ।
ਲਾਰੈਂਸ ਬਿਸ਼ਨੋਈ ਗੈਂਗ ਨੇ ਵਟਸਐਪ ਰਾਹੀਂ ਇਹ ਧਮਕੀ ਭਰੇ ਸੁਨੇਹੇ ਭੇਜੇ ਹਨ। ਜਿਨ੍ਹਾਂ ਨੂੰ ਧਮਕੀ ਦਿੱਤੀ ਗਈ ਹੈ, ਉਨ੍ਹਾਂ ਪ੍ਰਮੁੱਖ ਆਗੂਆਂ ਵਿੱਚ ਸਾਬਕਾ ਉਪ-ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ਾਮਲ ਹਨ। ਉਨ੍ਹਾਂ ਤੋਂ ਬਿਨਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਤੇ ਗੁਰਮੀਤ ਬਬਲੂ ਨੂੰ ਇਹ ਧਮਕੀ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀਆਂ “ਲਾਰੈਂਸ ਆਫ ਪੰਜਾਬ” ਨਾਮਕ ਡਾਕੂਮੈਂਟਰੀ/ਵੈੱਬ ਸੀਰੀਜ਼ ਦਾ ਵਿਰੋਧ ਕਰਨ ਅਤੇ ਇਸ ‘ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਤੋਂ ਬਾਅਦ ਆਈਆਂ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਜਾਣੂ ਕਰਵਾ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਗੈਂਗਸਟਰਵਾਦ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਪੰਜਾਬ ਨੂੰ “ਗੈਂਗਸਟਰ ਮੁਕਤ” ਬਣਾਇਆ ਜਾਵੇਗਾ। ਦੱਸ ਦਈਏ ਕਿ ਰਾਜਾ ਵੜਿੰਗ ਪਹਿਲਾਂ ਵੀ ਗੈਂਗਸਟਰਾਂ ਨੂੰ ਲੈ ਕੇ ਕਈ ਵੱਡੇ ਬਿਆਨ ਦੇ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















