1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G
– MGNAREGA ਦੀ ਲਵੇਗਾ ਥਾਂ
ਨਵੀ ਦਿੱਲੀ , 11 ਮਈ 2026 (ਵਿਸ਼ਵ ਵਾਰਤਾ) –ਭਾਰਤ ਸਰਕਾਰ ਨੇ ‘ਵਿਕਸਿਤ ਭਾਰਤ-ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਐਕਟ, 2025’ ਨੂੰ ਦੇਸ਼ ਦੇ ਸਾਰੇ ਪੇਂਡੂ ਖੇਤਰਾਂ ਵਿੱਚ 1 ਜੁਲਾਈ 2026 ਤੋਂ ਲਾਗੂ ਕਰਨ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਵਿਕਸਿਤ ਭਾਰਤ–ਜੀ ਰਾਮ ਜੀ (VB-G RAM G) ਐਕਟ ਲਾਗੂ ਹੋਣ ਦੇ ਨਾਲ ਹੀ, ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (MGNREGA), 2005 ਉਸੇ ਤਾਰੀਖ਼ ਤੋਂ ਖ਼ਤਮ ਮੰਨਿਆ ਜਾਵੇਗਾ।

ਕੇਂਦਰ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਨਵਾਂ ‘ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ)’ ਯਾਨੀ VB-G RAM G, 1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ। ਇਸ ਦੇ ਨਾਲ ਹੀ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਇਮੈਂਟ ਐਕਟ (MGNREGA) ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਪੇਂਡੂ ਵਿਕਾਸ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ, ਇਹ ਨਵਾਂ ਕਾਨੂੰਨ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਲਾਗੂ ਹੋਵੇਗਾ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਇਸ ਬਦਲਾਅ ਨਾਲ ਮਜ਼ਦੂਰਾਂ ਦੇ ਕੰਮ ‘ਤੇ ਕੋਈ ਅਸਰ ਨਹੀਂ ਪਵੇਗਾ। ਇਹ ਤਬਦੀਲੀ ਪੂਰੀ ਤਰ੍ਹਾਂ ਬਿਨਾਂ ਕਿਸੇ ਰੁਕਾਵਟ ਦੇ ਹੋਵੇਗੀ ਅਤੇ ਕਿਸੇ ਨੂੰ ਵੀ ਰੁਜ਼ਗਾਰ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।
ਮੰਤਰਾਲੇ ਦੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 30 ਜੂਨ ਤੱਕ ਮਨਰੇਗਾ ਦੇ ਤਹਿਤ ਜੋ ਵੀ ਕੰਮ ਚੱਲ ਰਹੇ ਹੋਣਗੇ, ਉਨ੍ਹਾਂ ਨੂੰ ਨਵੇਂ ਸਿਸਟਮ ਵਿੱਚ ਵੀ ਉਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਭਾਵ ਕਿਸੇ ਵੀ ਪ੍ਰੋਜੈਕਟ ਨੂੰ ਵਿਚਾਲੇ ਨਹੀਂ ਰੋਕਿਆ ਜਾਵੇਗਾ। 1 ਜੁਲਾਈ 2026 ਤੋਂ ਦੇਸ਼ ਭਰ ਵਿੱਚ ਲਾਗੂ ਹੋਣ ਵਾਲਾ ਇਹ ਐਕਟ ਹਰੇਕ ਪੇਂਡੂ ਪਰਿਵਾਰ ਨੂੰ ਸਾਲ ਵਿੱਚ 125 ਦਿਨਾਂ ਦੇ ਕਾਨੂੰਨੀ ਰੁਜ਼ਗਾਰ ਦੀ ਗਾਰੰਟੀ ਦਿੰਦਾ ਹੈ। ਸਰਕਾਰ ਨੇ ਇਸ ਵਾਰ ਇਸ ਦੇ ਲਈ ₹95,692.31 ਕਰੋੜ ਦਾ ਇਤਿਹਾਸਕ ਬਜਟ ਅਲਾਟ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























