Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ
ਚੰਡੀਗੜ੍ਹ, 12 ਮਈ 2026 – ਜਗਤਾਰ ਸਿੰਘ ਹਵਾਰਾ ਨੇ ਪੈਰੋਲ ਦੀ ਮੰਗ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਵੱਲੋਂ ਅਦਾਲਤ ‘ਚ ਇੱਕ ਅਰਜ਼ੀ ਦਾਇਰ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਅਦਾਲਤ ਵਿੱਚ ਦਾਇਰ ਕੀਤੀ ਗਈ ਅਰਜ਼ੀ ਵਿੱਚ ਉਨ੍ਹਾਂ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦਿਆਂ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ। ਜਗਤਾਰ ਸਿੰਘ ਹਵਾਰਾ ਨੇ ਦੱਸਿਆ ਕਿ ਉਹ ਪਿਛਲੇ 28 ਸਾਲ 9 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ ਅਤੇ ਉਸਨੇ ਪਹਿਲਾਂ ਕਦੇ ਵੀ ਪੈਰੋਲ ਲਈ ਅਰਜ਼ੀ ਨਹੀਂ ਦਿੱਤੀ।
ਆਪਣੀ ਅਰਜ਼ੀ ‘ਚ ਉਨ੍ਹਾਂ ਨੇ ਕਿਹਾ ਹੈ ਕਿ ਇਸ ਵੇਲੇ ਉਨ੍ਹਾਂ ਦੀ ਮਾਂ ਬਿਮਾਰ ਹੈ ਇਸ ਲਈ ਆਪਣੀ ਬਿਮਾਰ ਮਾਂ ਦੀ ਦੇਖਭਾਲ ਕਰਨਾ ਚਾਹੁੰਦੇ ਹਨ। ਦੱਸ ਦਈਏ ਕਿ ਹਵਾਰਾ ਦੀ ਮਾਤਾ ਇਸ ਸਮੇਂ 81 ਸਾਲ ਦੀ ਹੈ ਅਤੇ ਪਾਰਕਿੰਸਨ’ਸ ਅਤੇ ਹਾਈਪਰਟੈਨਸ਼ਨ ਤੋਂ ਪੀੜਤ ਹੈ। ਜ਼ਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਇਸ ਵੇਲੇ ਦਿੱਲੀ ਦੀ ਮੰਡੋਲੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਨ।
ਅਦਾਲਤ ਵੱਲੋਂ ਇਸ ਮਾਮਲੇ ’ਤੇ ਸੰਬੰਧਤ ਏਜੰਸੀਆਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ। ਜਿਸ ਦੇ ਜਵਾਬ ‘ਚ ਚੰਡੀਗੜ੍ਹ ਪ੍ਰਸ਼ਾਸਨ ਨੇ ਜਵਾਬ ਦਾਖਲ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਹਵਾਰਾ ਦਿੱਲੀ ਦੀ ਜੇਲ੍ਹ ਵਿੱਚ ਹੈ, ਇਸ ਲਈ ਉਥੇ ਹੀ ਪੈਰੋਲ ਦੀ ਅਰਜ਼ੀ ਦਿੱਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























