ਜਗਰਾਉਂ ‘ਚ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ
ਲੁਧਿਆਣਾ, 16 ਮਈ 2026 (ਵਿਸ਼ਵ ਵਾਰਤਾ) : ਜਗਰਾਉਂ ਵਿੱਚ ਇੱਕ ਫਰਨੀਚਰ ਫੈਕਟਰੀ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਫੈਕਟਰੀ ਦੇ ਅੰਦਰ ਵੱਡੀ ਮਾਤਰਾ ਵਿੱਚ ਲੱਕੜ, ਪਲਾਈ ਅਤੇ ਫਰਨੀਚਰ ਦਾ ਤਿਆਰ ਤੇ ਕੱਚਾ ਮਾਲ ਰੱਖਿਆ ਹੋਇਆ ਸੀ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲਦੀ ਚਲੀ ਗਈ।
ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਕਰੀਬ ਸਾਢੇ 3:30 ਵਜੇ ਅਚਾਨਕ ਫੈਕਟਰੀ ਦੇ ਅੰਦਰੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ। ਦੇਖਦੇ ਹੀ ਦੇਖਦੇ ਧੂੰਆਂ ਕਾਲੇ ਗੁਬਾਰ ਵਿੱਚ ਬਦਲ ਗਿਆ ਅਤੇ ਕੁਝ ਹੀ ਮਿੰਟਾਂ ਵਿੱਚ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਅੱਗ ਇੰਨੀ ਤੇਜ਼ ਸੀ ਕਿ ਉਸ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦਾ ਗੁਬਾਰ ਕਰੀਬ 2 ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਿਹਾ ਸੀ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਫੈਕਟਰੀ ਦੇ ਅੰਦਰ ਕੰਮ ਕਰ ਰਹੇ 50 ਕਰਮਚਾਰੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਨੇ ਢਾਈ ਘੰਟੇ ਦੀ ਕੜੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ । ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























