ਮੋਗਾ ਨਗਰ ਨਿਗਮ ਚੋਣਾਂ ਲਈ ਡਾ. ਨਯਨ ਅਬਜਰਵਰ ਨਿਯੁਕਤ
ਮੋਗਾ ,16 ਮਈ (ਗਿਆਨ ਸਿੰਘ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਮੋਗਾ ਜ਼ਿਲ੍ਹੇ ਵਿੱਚ ਸੀਨੀਅਰ ਪੀ ਸੀ ਐਸ ਅਧਿਕਾਰੀ ਡਾ. ਨਯਨ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ’ਤੇ ਨਿਗਰਾਨੀ ਰੱਖਦਿਆਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣਾ ਹੈ।
ਅਬਜ਼ਰਵਰ ਡਾ ਨਯਨ ਵਰਤਮਾਨ ਸਮੇਂ ਸੰਯੁਕਤ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਜੋਂ ਸੇਵਾਵਾਂ ਨਿਭਾ ਰਹੇ ਹਨ । ਉਨ੍ਹਾਂ ਅੱਜ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਚੋਣਾਂ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਮੁਕੰਮਲ ਕੀਤੀ ਜਾਵੇ।
ਉਹਨਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਅਹਿਮ ਹਿੱਸਾ ਹਨ ਅਤੇ ਹਰ ਵੋਟਰ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੇ ਮਤਾਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਅਤੇ ਚੋਣ ਪ੍ਰਕਿਰਿਆ ਦੌਰਾਨ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ, ਉਮੀਦਵਾਰ ਜਾਂ ਆਮ ਨਾਗਰਿਕ ਚੋਣਾਂ ਸਬੰਧੀ ਕੋਈ ਸ਼ਿਕਾਇਤ, ਸੁਝਾਅ ਜਾਂ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹੈ ਤਾਂ ਉਹ ਸਿੱਧੇ ਤੌਰ ’ਤੇ ਮੋਬਾਇਲ ਨੰਬਰ 9914509592 ’ਤੇ ਸੰਪਰਕ ਕਰ ਸਕਦਾ ਹੈ।






















