Punjab: ਮਿਉਂਸਪਲ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਹੋਇਆ ਸ਼ੁਰੂ
– ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ
ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ): ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਅੱਜ 26 ਮਈ ਨੂੰ ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ-2026 ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਵੋਟਿੰਗ ਅੱਜ ਸ਼ਾਮ 05:00 ਵਜੇ ਤੱਕ ਜਾਰੀ ਰਹੇਗੀ। ਵੋਟਾਂ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪੰਜਾਬ ‘ਚਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ।
36.73 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰਾਜ ਚੋਣ ਕਮਿਸ਼ਨ ਨੇ ਨੌਂ ਚੀਜ਼ਾਂ ਨੂੰ ਅੰਦਰ ਲਿਆਉਣ ‘ਤੇ ਪਾਬੰਦੀ ਲਗਾਈ ਹੈ। ਮੋਬਾਈਲ ਫੋਨ, ਪਾਣੀ ਦੀ ਬੋਤਲ, ਸਿਆਹੀ, ਚਾਕੂ, ਸਕ੍ਰਿਊਡ੍ਰਾਈਵਰ, ਹਥਿਆਰ, ਕੈਮਰੇ, ਮਾਚਿਸ ਦੇ ਡੱਬੇ ਅਤੇ ਲਾਈਟਰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਰਾਜ ਚੋਣ ਕਮਿਸ਼ਨ ਦੇ ਅਨੁਸਾਰ, ਵੋਟਿੰਗ ਲਈ ਕੁੱਲ 3,977 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 740 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਅਤੇ 274 ਬੂਥਾਂ ਨੂੰ ਅਤਿ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ। ਵੋਟਿੰਗ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਚੋਣ ਲਈ 36,000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। 35,000 ਤੋਂ ਵੱਧ ਸੁਰੱਖਿਆ ਕਰਮਚਾਰੀ ਫੀਲਡ ਵਿੱਚ ਹੋਣਗੇ। ਹਰੇਕ ਬੂਥ ‘ਤੇ ਪੰਜ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਸਾਰੇ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਬੰਧਤ ਫੁਟੇਜ ਨੂੰ ਕਿਸੇ ਵੀ ਹਾਲਤ ਵਿੱਚ ਬਿਨਾਂ ਇਜਾਜ਼ਤ ਦੇ ਨਸ਼ਟ ਨਹੀਂ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















