Punjab Breaking: ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ
ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ਦਾ ਵਿਰੋਧ ਕਰਦਿਆਂ Central Bureau of Investigation (CBI) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਪਣਾ ਜਵਾਬ ਦਾਖਲ ਕੀਤਾ ਹੈ। ਸੀਬੀਆਈ ਨੇ ਕਿਹਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਉਹ ਫ਼ਰਾਰ ਹੋ ਸਕਦਾ ਹੈ। ਏਜੰਸੀ ਨੇ 2004 ਦੇ ਬੁੜੈਲ ਜੇਲ੍ਹ ਕਾਂਡ ਦਾ ਹਵਾਲਾ ਦਿੰਦਿਆਂ ਦਲੀਲ ਦਿੱਤੀ ਕਿ ਹਵਾਰਾ ਪਹਿਲਾਂ ਵੀ ਜੇਲ੍ਹ ਤੋਂ ਭੱਜ ਚੁੱਕਿਆ ਹੈ, ਇਸ ਲਈ ਉਸ ਨੂੰ ਰਾਹਤ ਦੇਣਾ ਸੁਰੱਖਿਆ ਪੱਖੋਂ ਠੀਕ ਨਹੀਂ ਹੋਵੇਗਾ।
ਹਵਾਰਾ ਵੱਲੋਂ ਕੁਝ ਸਮੇਂ ਲਈ ਪੈਰੋਲ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ‘ਤੇ ਹੁਣ ਸੀਬੀਆਈ ਨੇ ਆਪਣਾ ਜਵਾਬ ਪੇਸ਼ ਕੀਤਾ ਹੈ। ਸੀਬੀਆਈ ਨੇ ਕਿਹਾ ਕਿ ਜੇਕਰ ਪੈਰੋਲ ਦਿੱਤੀ ਜਾਂਦੀ ਹੈ, ਤਾਂ ਇਹ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਖ਼ਤਰਾ ਪੈਦਾ ਹੋਵੇਗਾ। ਸੀਬੀਆਈ ਦੇ ਜਵਾਬ ਨੂੰ ਰਿਕਾਰਡ ‘ਤੇ ਲੈਂਦੇ ਹੋਏ, ਹਾਈ ਕੋਰਟ ਨੇ 3 ਜੂਨ ਤੱਕ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਅਦਾਲਤ ਵਿੱਚ ਦਾਇਰ ਕੀਤੀ ਗਈ ਅਰਜ਼ੀ ਵਿੱਚ ਹਵਾਰਾ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦਿਆਂ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਸੀ। ਜਗਤਾਰ ਸਿੰਘ ਹਵਾਰਾ ਨੇ ਦੱਸਿਆ ਕਿ ਉਹ ਪਿਛਲੇ 28 ਸਾਲ 9 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ ਅਤੇ ਉਸਨੇ ਪਹਿਲਾਂ ਕਦੇ ਵੀ ਪੈਰੋਲ ਲਈ ਅਰਜ਼ੀ ਨਹੀਂ ਦਿੱਤੀ।
ਆਪਣੀ ਅਰਜ਼ੀ ‘ਚ ਉਨ੍ਹਾਂ ਨੇ ਕਿਹਾ ਸੀ ਕਿ ਇਸ ਵੇਲੇ ਉਨ੍ਹਾਂ ਦੀ ਮਾਂ ਬਿਮਾਰ ਹੈ ਇਸ ਲਈ ਆਪਣੀ ਬਿਮਾਰ ਮਾਂ ਦੀ ਦੇਖਭਾਲ ਕਰਨਾ ਚਾਹੁੰਦੇ ਹਨ। ਦੱਸ ਦਈਏ ਕਿ ਹਵਾਰਾ ਦੀ ਮਾਤਾ ਇਸ ਸਮੇਂ 81 ਸਾਲ ਦੀ ਹੈ ਅਤੇ ਪਾਰਕਿੰਸਨ’ਸ ਅਤੇ ਹਾਈਪਰਟੈਨਸ਼ਨ ਤੋਂ ਪੀੜਤ ਹੈ। ਜ਼ਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਇਸ ਵੇਲੇ ਦਿੱਲੀ ਦੀ ਮੰਡੋਲੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















