ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ
– ਬੈਲਟ ਪੇਪਰ ਰਾਹੀਂ ਪੈ ਰਹੀਆਂ ਨੇ ਵੋਟਾਂ
ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਲਈ ਵੋਟਿੰਗ ਜਾਰੀਹੈ। ਰਾਜ ਚੋਣ ਕਮਿਸ਼ਨ ਦੇ ਮੁਤਾਬਕ ਦੁਪਹਿਰ 2 ਵਜੇ ਤੱਕ 45.60% ਵੋਟਿੰਗ ਹੋ ਚੁੱਕੀ ਹੈ। ਵੋਟਿੰਗ ਈ.ਵੀ.ਐੱਮ. (EVM) ਦੀ ਜਗ੍ਹਾ ਬੈਲਟ ਪੇਪਰ ਰਾਹੀਂ ਹੋ ਰਹੀ ਹੈ। ਵੋਟਿੰਗ ਪ੍ਰੀਕਿਰਿਆ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਚੋਣ ਵਿੱਚ 7,555 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਚੋਣਾਂ ਨੂੰ ਲੈ ਕੇ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਰਾਜ ਚੋਣ ਕਮਿਸ਼ਨ ਨੇ ਕਈ ਚੀਜ਼ਾਂ ਨੂੰ ਅੰਦਰ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਹੈ। ਇੱਥੋਂ ਤੱਕ ਕਿ ਸਵਿੱਚ ਆਫ਼ ਮੋਬਾਈਲ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਵੋਟਿੰਗ ਦੇ ਚੱਲਦਿਆਂ ਅੱਜ ਪੰਜਾਬ ਵਿੱਚ ਸਰਕਾਰੀ ਛੁੱਟੀ ਹੈ। ਇਸ ਤੋਂ ਇਲਾਵਾ ਸ਼ਰਾਬ ਦੀ ਵਿਕਰੀ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਵੋਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਦੇ ਲਈ 35 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਦੱਸ ਦਈਏ ਕਿ ਖੰਨਾ ਵਿੱਚ ਨਗਰ ਕੌਂਸਲ ਚੋਣਾਂ ਦੇ ਵਾਰਡ ਨੰਬਰ 15 ਵਿੱਚ ਕਾਂਗਰਸ ਅਤੇ ਆਪ ਦੇ ਸਮਰਥਕਾਂ ਵਿਚਾਲੇ ਤਿੱਖੀ ਬਹਿਸ ਹੋਈ। ਵੋਟਿੰਗ ਸ਼ੁਰੂ ਹੁੰਦੇ ਹੀ ਸਮਰਥਕ ਆਪਸ ਵਿੱਚ ਭਿੜਨ ਲੱਗੇ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਦਖ਼ਲ ਦਿੱਤਾ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਪੁਲਿਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਰਹਿਣ ਦੀ ਸਖ਼ਤ ਹਦਾਇਤ ਦਿੱਤੀ, ਤਾਂ ਜੋ ਵੋਟਿੰਗ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਆਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























