ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!
– 10 ਜੂਨ ਤੋਂ ਵੱਡੇ ਅੰਦੋਲਨ ਦੀ ਚੇਤਾਵਨੀ
ਅੰਮ੍ਰਿਤਸਰ, 1 ਜੂਨ 2026 (ਵਿਸ਼ਵ ਵਾਰਤਾ) : ਨਕਲੀ ਖੋਏ, ਸਿੰਥੈਟਿਕ ਪਨੀਰ ਅਤੇ ਮਿਲਾਵਟੀ ਡੇਅਰੀ ਉਤਪਾਦਾਂ ਖ਼ਿਲਾਫ਼ ਭਾਰਤੀ ਕਿਸਾਨ ਏਕਤਾ ਸਿੱਧੂਪੁਰ ਵੱਲੋਂ ਅੰਮ੍ਰਿਤਸਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਉਂਦਿਆਂ ਪ੍ਰਤੀਕਾਤਮਕ ਤੌਰ ‘ਤੇ ਸੜਕਾਂ ‘ਤੇ ਦੁੱਧ ਡੋਲ੍ਹਿਆ ਅਤੇ ਮਿਲਾਵਟੀ ਖਾਦ ਪਦਾਰਥਾਂ ਦੀ ਵਿਕਰੀ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਕੀਤੀਆਂ ਜਾਣ ਵਾਲੀਆਂ ਛਾਪੇਮਾਰੀਆਂ ਸਿਰਫ਼ ਦਿਖਾਵਾ ਬਣ ਕੇ ਰਹਿ ਗਈਆਂ ਹਨ ਅਤੇ ਸ਼ਹਿਰ ਵਿੱਚ ਖੁੱਲ੍ਹੇਆਮ ਨਕਲੀ ਡੇਅਰੀ ਉਤਪਾਦ ਵੇਚੇ ਜਾ ਰਹੇ ਹਨ।
ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਉਹ ਕਈ ਵਾਰ ਸਿਵਲ ਸਰਜਨ, ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ, ਪਰ ਕਾਰਵਾਈ ਕੁਝ ਦਿਨਾਂ ਤੱਕ ਹੀ ਸੀਮਿਤ ਰਹਿੰਦੀ ਹੈ। ਉਨ੍ਹਾਂ ਦੇ ਅਨੁਸਾਰ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਿੱਚ ਦੁਕਾਨਾਂ ਅਤੇ ਫੈਕਟਰੀਆਂ ਵਿੱਚ ਘਟੀਆ ਮਿਆਰ ਦਾ ਖੋਆ, ਪਨੀਰ ਅਤੇ ਮਿਠਾਈਆਂ ਤਿਆਰ ਕਰਕੇ ਬਾਜ਼ਾਰ ਵਿੱਚ ਵੇਚੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦੀ ਸਿਹਤ ਨਾਲ ਗੰਭੀਰ ਖਿਲਵਾੜ ਹੋ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੀਆਂ ਫੈਕਟਰੀਆਂ ਵਿੱਚ ਵੱਡੇ ਪੱਧਰ ‘ਤੇ ਸਿੰਥੈਟਿਕ ਡੇਅਰੀ ਉਤਪਾਦ ਤਿਆਰ ਕੀਤੇ ਜਾ ਰਹੇ ਹਨ। ਸਸਤੇ ਭਾਅ ‘ਤੇ ਵਿਕਣ ਵਾਲੇ ਇਨ੍ਹਾਂ ਉਤਪਾਦਾਂ ਕਾਰਨ ਇੱਕ ਪਾਸੇ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ, ਜਦਕਿ ਦੂਜੇ ਪਾਸੇ ਦੁੱਧ ਉਤਪਾਦਕਾਂ ਅਤੇ ਪਸ਼ੂ ਪਾਲਕਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੰਬੰਧਿਤ ਵਿਭਾਗਾਂ ਨੂੰ ਇਸ ਸਾਰੇ ਮਾਮਲੇ ਦੀ ਜਾਣਕਾਰੀ ਹੋਣ ਦੇ ਬਾਵਜੂਦ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਕਿਸੇ ਵੀ ਖਾਣ-ਪੀਣ ਵਾਲੀ ਵਸਤੂ ਨੂੰ ਬਰਬਾਦ ਕਰਨਾ ਨਹੀਂ, ਸਗੋਂ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਦੁੱਧ ਉਨ੍ਹਾਂ ਲਈ ਅੰਮ੍ਰਿਤ ਦੇ ਬਰਾਬਰ ਹੈ, ਪਰ ਜਦੋਂ ਅਸਲੀ ਦੁੱਧ ਉਤਪਾਦਕ ਪਰੇਸ਼ਾਨ ਹੋਣ ਅਤੇ ਬਾਜ਼ਾਰ ਵਿੱਚ ਨਕਲੀ ਉਤਪਾਦਾਂ ਦਾ ਧੰਦਾ ਫਲ-ਫੂਲ ਰਿਹਾ ਹੋਵੇ ਤਾਂ ਵਿਰੋਧ ਦਰਜ ਕਰਵਾਉਣਾ ਲਾਜ਼ਮੀ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ 1 ਜੂਨ ਤੋਂ 6 ਜੂਨ ਤੱਕ ਸਿੱਖ ਕੌਮ ਲਈ ਸੰਵੇਦਨਸ਼ੀਲ ਦਿਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਆਪਣੇ ਅੰਦੋਲਨ ਨੂੰ ਸੀਮਿਤ ਰੱਖਿਆ ਹੈ, ਪਰ ਜੇਕਰ ਪ੍ਰਸ਼ਾਸਨ ਨੇ ਜਲਦ ਸਖ਼ਤ ਕਾਰਵਾਈ ਨਾ ਕੀਤੀ ਤਾਂ 10 ਜੂਨ ਤੋਂ ਵੱਡੇ ਪੱਧਰ ‘ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਉਹ ਮਿਲਾਵਟੀ ਉਤਪਾਦ ਬਣਾਉਣ ਵਾਲੀਆਂ ਫੈਕਟਰੀਆਂ ਦੇ ਬਾਹਰ ਧਰਨੇ ਅਤੇ ਪੱਕੇ ਮੋਰਚੇ ਵੀ ਲਗਾ ਸਕਦੇ ਹਨ।
ਇਸ ਮੌਕੇ ਤਹਿਸੀਲਦਾਰ ਹਿਰਦੇ ਪਾਲ ਸਿੰਘ ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਹਿਲਾਂ ਵੀ ਫੂਡ ਸੇਫਟੀ ਟੀਮਾਂ ਰਾਹੀਂ ਜਾਂਚ ਕਰਦਾ ਰਿਹਾ ਹੈ ਅਤੇ ਅੱਗੇ ਵੀ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗਾਂ ਰਾਹੀਂ ਵਿਸਥਾਰਪੂਰਵਕ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























