ਪੰਜਾਬ ਦੇ ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ
– ਕਿਸਾਨ ਕ੍ਰੈਡਿਟ ਕਾਰਡ ਪਾਲਿਸੀ ‘ਚ ਕੀਤਾ ਇਤਿਹਾਸਕ ਬਦਲਾਅ
ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਕਿਸਾਨਾਂ ਲਈ 26 ਸਾਲ ਪਹਿਲਾਂ ਬਣਾਈ ਕਿਸਾਨ ਕ੍ਰੈਡਿਟ ਕਾਰਡ (KCC) ਪਾਲਿਸੀ ਨੂੰ ਬਦਲ ਦਿੱਤਾ ਹੈ। ਹੁਣ ਇਸ ਨੂੰ ਕਿਸਾਨਾਂ ਦੇ ਪੱਖ ਵਿੱਚ ਬਣਾਇਆ ਗਿਆ ਹੈ। ਪੰਜਾਬ ਸਰਕਾਰ ਨੇ ਹੁਣ ਸਾਰੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਕਰਜ਼ੇ ਦੀ ਸੀਮਾ ਵੀ ਵਧਾ ਦਿੱਤੀ ਗਈ ਹੈ। ਇਸ ਵਿੱਚ ਕਈ ਹੋਰ ਫ਼ਸਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਸੀ.ਐਮ. ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕੁਝ ਅਜਿਹੀਆਂ ਫ਼ਸਲਾਂ ਅਤੇ ਬਾਗਬਾਨੀ ਫ਼ਸਲਾਂ ਸਨ, ਜਿਨ੍ਹਾਂ ਲਈ ਪਹਿਲਾਂ ਕੋਈ ਕਰਜ਼ਾ ਸਹੂਲਤ ਉਪਲਬਧ ਨਹੀਂ ਸੀ। ਹੁਣ ਕਿਸਾਨਾਂ ਨੂੰ ਇਨ੍ਹਾਂ ਫ਼ਸਲਾਂ ‘ਤੇ ਵੀ ਕਰਜ਼ੇ ਦੀ ਸਹੂਲਤ ਦਿੱਤੀ ਜਾਵੇਗੀ। ਕਣਕ ਦੀ ਫ਼ਸਲ ਲਈ ਕ੍ਰੈਡਿਟ ਸੀਮਾ₹24,380 ਤੋਂ ਵਧਾ ਕੇ ₹30,000 ਪ੍ਰਤੀ ਏਕੜ ਕੀਤੀ ਗਈ ਹੈ। ਪਰਾਲੀ ਪ੍ਰਬੰਧਨ ਲਈ KCC ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ ₹2,000 ਪ੍ਰਤੀ ਏਕੜ ਦੀ ਵਿਵਸਥਾ ਕੀਤੀ ਗਈ ਹੈ। ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਲਈ ਕ੍ਰੈਡਿਟ ਸੀਮਾ ਵਧਾ ਕੇ ₹1 ਲੱਖ ਪ੍ਰਤੀ ਏਕੜ ਕੀਤੀ ਗਈ ਹੈ। ਸਬਜ਼ੀਆਂ ਅਤੇ ਬਾਗਬਾਨੀ ਫ਼ਸਲਾਂ ਲਈ ਕ੍ਰੈਡਿਟ ਸੀਮਾ ₹32,000 ਤੋਂ ਵਧਾ ਕੇ ₹1.57 ਲੱਖ ਪ੍ਰਤੀ ਏਕੜ ਤੱਕ ਕਰ ਦਿੱਤੀ ਗਈ ਡ੍ਰੈਗਨ ਫਰੂਟ, ਬਾਂਸ, ਪੌਪਲਰ (ਸਫ਼ੈਦਾ) ਅਤੇ ਲੈਮਨਗ੍ਰਾਸ ਵਰਗੀਆਂ ਫ਼ਸਲਾਂ ਨੂੰ ਪਹਿਲੀ ਵਾਰ KCC ਵਿੱਚ ਸ਼ਾਮਲ ਕੀਤਾ ਗਿਆ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪ੍ਰਾਈਵੇਟ ਬੈਂਕਾਂ ਨੂੰ ਵੀ ਹਦਾਇਤ ਦਿੱਤੀ ਹੈ ਕਿ ਉਹ ਕਿਸਾਨਾਂ ਦੀ ਜ਼ਮੀਨ ਕੁਰਕ (ਜ਼ਬਤ) ਨਾ ਕਰਨ, ਬਲਕਿ ਕੋਈ ਹੋਰ ਤਰੀਕਾ ਅਪਣਾਇਆ ਜਾਵੇ। ਇਸ ਦੇ ਨਾਲ ਹੀ ਡਿਫਾਲਟਰਾਂ ਦੀ ਸੂਚੀ ਵਿੱਚ ਕਿਸਾਨਾਂ ਦੀ ਫ਼ੋਟੋ ਵੀ ਨਾ ਲਗਾਈ ਜਾਵੇ, ਤਾਂ ਜੋ ਕਿਸਾਨ ਕਿਸੇ ਵੀ ਤਰ੍ਹਾਂ ਖ਼ੁਦਕੁਸ਼ੀ ਨਾ ਕਰੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਦੇ ਯਤਨਾਂ ਸਦਕਾ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਘਟੀਆਂ ਹਨ, ਜਿਸ ਬਾਰੇ ਇੱਕ ਅਧਿਐਨ ਵੀ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























