ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ
ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਮਜੀਠਾ ਪੁਲਿਸ ਸਟੇਸ਼ਨ ਵਿੱਚ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਦੇ ਸਬੰਧ ਵਿੱਚ ਦਾਇਰ ਕੀਤੀ ਗਈ ਹੈ।
ਮਾਮਲੇ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੇ ਪੁਲਿਸ ਨੂੰ 10 ਜੂਨ ਤੱਕ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੱਲ੍ਹ10 ਜੂਨ ਨੂੰ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਹੋਣੀ ਤੈਅ ਹੈ।
ਗੌਰਤਲਬ ਹੈ ਕਿ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ।























