ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ
– ਜਾਣੋ ਕਿਸਦੇ ਨਾਂ ‘ਤੇ ਲੱਗੀ ਮੋਹਰ?
ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬਠਿੰਡਾ ਵਿਖੇ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਕਈ ਆਪ ਆਗੂ ‘ਤੇ ਵਰਕਰ ਵੀ ਮੌਜੂਦ ਰਹੇ। ਬਠਿੰਡਾ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੀਐਮ ਫੇਸ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਗਵੰਤ ਮਾਨ ਦੀ ਅਗਵਾਈ ਵਿੱਚ ਹੀ ਲੜੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨੂੰ ਚਾਰ ਸਾਲ ਪੂਰੇ ਹੋ ਚੁੱਕੇ ਹਨ ਅਤੇ ਇਸ ਦੌਰਾਨ ਲੋਕਾਂ ਵਿੱਚ ਸਰਕਾਰ ਦੇ ਕੰਮਾਂ ਨੂੰ ਲੈ ਕੇ ਸੰਤੁਸ਼ਟੀ ਅਤੇ ਖ਼ੁਸ਼ੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਪ੍ਰਤੀ ਲੋਕਾਂ ਵਿੱਚ ਨਾਰਾਜ਼ਗੀ ਰਹਿੰਦੀ ਸੀ, ਪਰ ਹੁਣ ਜਨਤਾ ਸਰਕਾਰ ਦੇ ਕੰਮਾਂ ਨੂੰ ਪਸੰਦ ਕਰ ਰਹੀ ਹੈ।
ਉਨ੍ਹਾਂ ਨੇ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਕੇਜਰੀਵਾਲ ਨੇ ਕਿਹਾ ਕਿ ਇੱਕ ਪਾਰਟੀ ਨੂੰ ਲੋਕ “ਚਿੱਟਾ ਪਾਰਟੀ” ਅਤੇ “ਬੇਅਦਬੀ ਪਾਰਟੀ” ਕਹਿੰਦੇ ਹਨ, ਦੂਜੀ ਨੂੰ “ਝਗੜਾ ਪਾਰਟੀ” ਅਤੇ ਤੀਜੀ ਨੂੰ “ਈਡੀ ਪਾਰਟੀ” ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਜਨਤਾ ਦੇ ਮੁੱਦਿਆਂ ‘ਤੇ ਕੰਮ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























