ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ
ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸਸੀ ਕਮਿਸ਼ਨ ਅੱਗੇ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੂੰ ਮਈ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਇੱਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਵਾਦੀ ਟਿੱਪਣੀ ਕਰਨ ਦੇ ਦੋਸ਼ਾਂ ਤਹਿਤ ਸੰਮਨ ਭੇਜਿਆ ਗਿਆ ਹੈ। ਬਿੱਟੂ ਨੂੰ ਪਹਿਲਾਂ ਵੀ ਸੰਮਨ ਭੇਜੇ ਗਏ ਸਨ, ਪਰ ਉਨ੍ਹਾਂ ਦੇ ਵਕੀਲ ਉਨ੍ਹਾਂ ਵੱਲੋਂ ਪੇਸ਼ ਹੋਏ ਸਨ, ਉਨ੍ਹਾਂ ਨੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸਮਾਂ ਮੰਗਿਆ ਸੀ।
ਇਹ ਘਟਨਾ 26 ਮਈ ਦੀ ਹੈ, ਜਦੋਂ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋ ਰਹੀ ਸੀ। ਉਸ ਸਮੇਂ ਪੁਲਿਸ ਨੇ ਭਾਜਪਾ ਆਗੂ ਓਂਕਾਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਹ ਜਾਣਕਾਰੀ ਮਿਲਣ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਧੂਰੀ ਪਹੁੰਚੇ ਸਨ। ਇਸ ਦੌਰੇ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਬਹਿਸ ਹੋ ਗਈ। ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਵਾਦੀ ਟਿੱਪਣੀ ਕੀਤੀ। ਇਸ ਘਟਨਾ ਸੰਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਐਸਸੀ ਕਮਿਸ਼ਨ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਸੀ। ਜਿਸਤ ਤੋਂ ਬਾਅਦ ਬਿੱਟੂ ਨੂੰ ਤਲਬ ਕੀਤਾ ਗਿਆ ਹੈ ਅਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਮੰਗੀ ਗਈ। ਬਿੱਟੂ ਨੇ ਪਹਿਲਾਂ ਹੀ ਆਪਣੀਆਂ ਟਿੱਪਣੀਆਂ ਲਈ ਜਨਤਕ ਤੌਰ ‘ਤੇ ਮੁਆਫੀ ਮੰਗ ਲਈ ਸੀ, ਅਤੇ ਸੰਗਰੂਰ ਪੁਲਿਸ ਨੇ ਵੀ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਸੀ।
ਬਿੱਟੂ ਨੂੰ ਅਸਲ ਵਿੱਚ 4 ਜੂਨ, 2026 ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਹਾਲਾਂਕਿ, ਨਿੱਜੀ ਕਾਰਨਾਂ ਅਤੇ ਦਿੱਲੀ ਵਿੱਚ ਜ਼ਰੂਰੀ ਰੁਝੇਵਿਆਂ ਕਾਰਨ, ਉਹ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ, ਇਸ ਦੀ ਬਜਾਏ, ਉਨ੍ਹਾਂ ਦੇ ਵਕੀਲ ਪੇਸ਼ ਹੋਏ ਸਨ। ਇਸ ਤੋਂ ਬਾਅਦ, ਉਨ੍ਹਾਂ ਨੂੰ 15 ਜੂਨ, 2026 ਲਈ ਦੁਬਾਰਾ ਤਲਬ ਕੀਤਾ ਗਿਆ ਹੈ।























