UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ
– ਬੱਚੇ ਨਹੀਂ ਚਲਾ ਸਕਣਗੇ ਇੰਸਟਾਗ੍ਰਾਮ – ਫੇਸਬੁੱਕ !
ਦੁਬਈ, 18 ਜੂਨ 2026 (ਵਿਸ਼ਵ ਵਾਰਤਾ): ਸੰਯੁਕਤ ਅਰਬ ਅਮੀਰਾਤ (UAE) ਨੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾ ਦਿੱਤੀ ਹੈ। ਵੀਰਵਾਰ ਨੂੰ ਇਸ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਯੂਏਈ ਦਾ ਨਾਮ ਆਸਟ੍ਰੇਲੀਆ, ਬ੍ਰਿਟੇਨ, ਮਲੇਸ਼ੀਆ ਅਤੇ ਕੈਨੇਡਾ ਵਰਗੇ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਨੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ। ਦੁਨੀਆ ਦੇ ਕਈ ਦੇਸ਼ਾਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਇਸ ‘ਤੇ ਫ਼ੈਸਲਾ ਲਿਆ ਹੈ।
ਯੂਏਈ ਕੈਬਨਿਟ ਦੇ ਪ੍ਰਸਤਾਵ ਅਨੁਸਾਰ, ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਖਾਤਿਆਂ ‘ਤੇ ਨਜ਼ਰ ਰੱਖਣੀ ਹੋਵੇਗੀ। ਸੋਸ਼ਲ ਪਲੇਟਫਾਰਮਾਂ ਨੂੰ ਬੱਚਿਆਂ ਵੱਲੋਂ ਗ਼ਲਤ ਉਮਰ ਦੱਸ ਕੇ ਖੋਲ੍ਹੇ ਗਏ ਖਾਤੇ ਬੰਦ ਕਰਨੇ ਹੋਣਗੇ। ਇਸ ਦੇ ਲਈ ਕੰਪਨੀਆਂ ਨੂੰ 12 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਸਟਮ ਅਤੇ ਇਸ ਨੂੰ ਲਾਗੂ ਕਰਨ ਦੇ ਤਰੀਕੇ ਪੂਰੀ ਤਰ੍ਹਾਂ ਤਿਆਰ ਹਨ।
ਪ੍ਰਸਤਾਵ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ਦੇ ਲਈ ਘੱਟੋ-ਘੱਟ ਉਮਰ 15 ਸਾਲ ਰੱਖੀ ਗਈ ਹੈ। ਇਸ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਿੱਜੀ ਖਾਤਾ ਬਣਾਉਣ ਜਾਂ ਚਲਾਉਣ ਦੀ ਮਨਾਹੀ ਹੈ। ਉਨ੍ਹਾਂ ਨੂੰ ਅਜਿਹੇ ਪਲੇਟਫਾਰਮਾਂ ਦੇ ਫੀਚਰਸ ਦੀ ਵਰਤੋਂ ਕਰਨ ਤੋਂ ਰੋਕਿਆ ਗਿਆ ਹੈ, ਜਿਨ੍ਹਾਂ ਵਿੱਚ ਸੋਸ਼ਲ ਇੰਟਰੈਕਸ਼ਨ ,ਕਮੈਂਟ ਕਰਨਾ ਜਾਂ ਇੰਟਰਐਕਟਿਵ ਸਪੇਸ ਦੀ ਵਰਤੋਂ ਸ਼ਾਮਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























