‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ
ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ): ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਅਭਿਜੀਤ ਦੀਪਕੇ ਨੇ ਪ੍ਰੀਖਿਆ ਵਿਵਾਦਾਂ ਦਰਮਿਆਨ ਕਥਿਤ ਤੌਰ ‘ਤੇ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਪੀ.ਐਮ. ਮੋਦੀ ਦੇ ਸਾਹਮਣੇ ਰੱਖੀ ਹੈ।
ਦੀਪਕੇ ਦਾ ਕਹਿਣਾ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਇਨਸਾਫ਼ ਮਿਲਣਾ ਚਾਹੀਦਾ ਹੈ। ਦੀਪਕੇ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਹੁਦੇ ਤੋਂ ਹਟਾਉਣ ਦੀ ਆਪਣੀ ਮੰਗ ਵੀ ਦੁਹਰਾਈ ਅਤੇ ਜਵਾਬਦੇਹੀ ਤੈਅ ਕੀਤੇ ਜਾਣ ‘ਤੇ ਜ਼ੋਰ ਦਿੱਤਾ।
ਦੀਪਕੇ ਨੇ ਪੀ.ਐਮ. ਨੂੰ ਲਿਖੇ ਪੱਤਰ ਵਿੱਚ ਕਿਹਾ ਕਿ “ਮੈਂ ਭਾਰੇ ਮਨ ਨਾਲ ਤੁਹਾਨੂੰ ਇਹ ਪੱਤਰ ਲਿਖ ਰਿਹਾ ਹਾਂ ਤਾਂ ਜੋ ਤੁਹਾਡਾ ਧਿਆਨ ਇੱਕ ਅਜਿਹੇ ਗੰਭੀਰ ਸੰਕਟ ਵੱਲ ਦਿਵਾ ਸਕਾਂ, ਜੋ ਸਾਡੇ ਦੇਸ਼ ਦੇ ਭਵਿੱਖ ਅਤੇ ਨੌਜਵਾਨਾਂ ਦੀ ਜ਼ਿੰਦਗੀ ਤੇ ਮਾਨਸਿਕ ਸਿਹਤ ਲਈ ਖ਼ਤਰਾ ਬਣਦਾ ਜਾ ਰਿਹਾ ਹੈ।” ਉਹਨਾਂ ਨੇ ਦਾਅਵਾ ਕੀਤਾ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ 11 ਵਿਦਿਆਰਥੀਆਂ ਨੇ ਖੁਦਕੁਸ਼ੀ ਕੀਤੀ ਹੈ, ਜਿਨ੍ਹਾਂ ਵਿੱਚੋਂ ਪੰਜ ਮਾਮਲਿਆਂ ਦੀ ਖ਼ਬਰ ਪਿਛਲੇ 48 ਘੰਟਿਆਂ ਵਿੱਚ ਮਿਲੀ ਹੈ। ਉਹਨਾਂ ਨੇ ਕਿਹਾ ਕਿ ਸੰਭਾਵਿਤ ਰੀ-ਐਗਜ਼ਾਮ (ਮੁੜ-ਪ੍ਰੀਖਿਆ) ਨੂੰ ਲੈ ਕੇ ਬਣੀ ਅਨਿਸ਼ਚਿਤਤਾ ਕਾਰਨ ਵਿਦਿਆਰਥੀਆਂ ਦੀਆਂ ਚਿੰਤਾਵਾਂ ਵਧ ਰਹੀਆਂ ਹਨ। ਦੀਪਕੇ ਨੇ ਪ੍ਰਸ਼ਨ-ਪੱਤਰ ਲੀਕ ਵਰਗੀਆਂ ਘਟਨਾਵਾਂ ਕਾਰਨ ਪੈਦਾ ਹੋਏ ਸੰਕਟ ਦਾ ਹਵਾਲਾ ਦਿੰਦੇ ਹੋਏ ਪ੍ਰਭਾਵਿਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















