20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ
– ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ,
– ਯੁਵਾ ਕਾਨਫਰੰਸ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਕਰਨਗੇ ਸੰਵਾਦ, ਪੜ੍ਹੋ ਪੂਰਾ ਸ਼ਡਿਊਲ
ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ) :ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮਹਾਮੰਤਰੀ ਅਨਿਲ ਸਰੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ 20 ਜੂਨ ਤੋਂ 22 ਜੂਨ ਤੱਕ ਤਿੰਨ ਦਿਨਾਂ ਪੰਜਾਬ ਦੌਰੇ ’ਤੇ ਰਹਿਣਗੇ। ਆਪਣੇ ਇਸ ਦੌਰੇ ਦੌਰਾਨ ਨਵੀਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਧਾਰਮਿਕ, ਸਮਾਜਿਕ, ਸੰਗਠਨਾਤਮਕ ਅਤੇ ਬੌਧਿਕ ਪ੍ਰੋਗਰਾਮਾਂ ਦੀ ਲੜੀ ਵਿੱਚ ਸ਼ਿਰਕਤ ਕਰਨਗੇ।
ਸਰੀਨ ਨੇ ਦੱਸਿਆ ਕਿ ਨਿਤਿਨ ਨਵੀਨ 20 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ ਅਤੇ ਆਪਣੇ ਦੌਰੇ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ। ਇਸ ਤੋਂ ਬਾਅਦ ਉਹ ਇਤਿਹਾਸਕ ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਦਰਸ਼ਨ ਕਰਨਗੇ ਅਤੇ ਆਸ਼ੀਰਵਾਦ ਪ੍ਰਾਪਤ ਕਰਨਗੇ। ਉਹ ਪੰਜਾਬ ਦੀ ਸਮ੍ਰਿੱਧ ਆਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨਮਨ ਵੀ ਕਰਨਗੇ। ਸ਼ਾਮ ਨੂੰ ਉਹ ਜਲੰਧਰ ਲਈ ਰਵਾਨਾ ਹੋਣਗੇ, ਜਿੱਥੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
21 ਜੂਨ ਨੂੰ ਨਿਤਿਨ ਨਵੀਨ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਆਯੋਜਿਤ ਸਮਾਗਮ ਵਿੱਚ ਭਾਗ ਲੈਣਗੇ। ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ, ਜਿੱਥੇ ਦੁੱਗਰੀ ਰੋਡ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ ਅਤੇ ਮੰਡਲ ਪ੍ਰਭਾਰੀਆਂ ਅਤੇ ਸੀਨੀਅਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਵਿਸਤ੍ਰਿਤ ਮੀਟਿੰਗ ਕਰਨਗੇ। ਸ਼ਾਮ ਨੂੰ ਉਹ ਉਦਯੋਗਪਤੀਆਂ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਸੰਵਾਦ ਕਰਨਗੇ।
ਸਰੀਨ ਨੇ ਅੱਗੇ ਦੱਸਿਆ ਕਿ 22 ਜੂਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਯੁਵਾ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਇੱਕ ਯੁਵਾ ਕਾਨਫਰੰਸ (ਯੂਥ ਕੌਨਕਲੇਵ) ਵੀ ਆਯੋਜਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ ਕੋਰ ਗਰੁੱਪ ਦੀਆਂ ਵੱਖ-ਵੱਖ ਮੀਟਿੰਗਾਂ ਵੀ ਨਿਰਧਾਰਤ ਹਨ।
ਅਨਿਲ ਸਰੀਨ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦਾ ਇਹ ਦੌਰਾ ਪੰਜਾਬ ਵਿੱਚ ਪਾਰਟੀ ਦੇ ਸੰਗਠਨਾਤਮਕ ਵਿਸਥਾਰ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਭਾਜਪਾ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਭਾਜਪਾ ਵਰਕਰ ਰਾਸ਼ਟਰੀ ਪ੍ਰਧਾਨ ਦੇ ਸਵਾਗਤ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ਅਤੇ ਇਸ ਦੌਰੇ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























