‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
-ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ‘ਏ.ਆਈ’ ਵਰਗੇ ਹੁਨਰਾਂ ਨਾਲ ਕੀਤਾ ਜਾਵੇਗਾ ਲੈਸ – ਹਰਜੋਤ ਸਿੰਘ ਬੈਂਸ
ਤਰਨ ਤਾਰਨ, 26 ਜੂਨ (ਵਿਸ਼ਵ ਵਾਰਤਾ): ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਤਰਨ ਤਾਰਨ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 500 ਦੇ ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ, ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਗ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਦੌਰਾਨ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੱਚੇ ਸੂਬੇ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।
ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀ.ਜੀ.ਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ।
ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤੇਜ਼ੀ ਨਾਲ ਵਧ ਰਹੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਦੇਸ਼ ਦੀ ਪਹਿਲੀ ਡਿਜੀਟਲ ਯੂਨੀਵਰਸਿਟੀ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਛੇਵੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਵੀ ‘ਏ.ਆਈ’ ਵਿਸ਼ਾ ਪੜ੍ਹਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ’ ਵਿੱਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਹੈ ਅਤੇ ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਸਕੂਲਾਂ ਵਿੱਚ 130 ਕਰੋੜ ਤੋਂ ਵੱਧ ਦੇ ਵਿਕਾਸ ਕਰਵਾਏ ਗਏ ਹਨ। ਉਨਾਂ ਕਿਹਾ ਕਿ ਉਹ ਅਜਿਹੇ ਪਹਿਲੇ ਸਿੱਖਿਆ ਮੰਤਰੀ ਹਨ, ਜਿਨ੍ਹਾਂ ਨੇ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹਾ, ਜਿਹੜਾ ਕਿ ਸਿੱਖਿਆ ਦੇ ਖੇਤਰ ਵਿੱਚ ਪੱਛੜਿਆ ਮੰਨਿਆਂ ਜਾਂਦਾ ਸੀ, ਇਸ ਵੇਲੇ ਸਰਬੋਤਮ ਕਾਰਗੁਜ਼ਾਰੀ ਦਿਖਾ ਰਿਹਾ ਹੈ। ਉਨ੍ਹਾਂ ‘ਸਵੱਛ ਅਤੇ ਹਰਿਆ- ਭਰਿਆ ਵਿਦਿਆਲਿਆ’ ਵਿੱਚੋਂ ਰਾਸ਼ਟਰੀ ਪੁਰਸਕਾਰ ਹਾਸਲ ਕਰਨ ਵਾਲੇ ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ।
ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਠੀਕ ਕਰ ਦਿੱਤੀ ਜਾਵੇ, ਤਾਂ ਦੇਸ਼ ਆਪਣੇ ਆਪ ਠੀਕ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਰੱਟੇ ਦੀ ਜਗ੍ਹਾ ਸਮਝਣ ਵਾਲੀ ਹੋਣੀ ਚਾਹੀਦੀ ਹੈ।
ਉਨ੍ਹਾਂ ਬੱਚਿਆ ਤੋਂ ਵੀ ਸੁਝਾਅ ਲਏ ਕਿ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ ‘ਚ ਕੀ ਬਦਲਾਅ ਕਰਨੇ ਚਾਹੀਦੇ ਹੈ। ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਕੱਠ ਵਿੱਚ ਨੀਤੀ ਘਾੜਿਆਂ ਅਤੇ ਨੌਜਵਾਨ ਸਿਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਿਆ ਗਿਆ। ਇਸ ਦੌਰਾਨ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਅੰਤਰਰਾਸ਼ਟਰੀ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ।























