ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 27 ਜੂਨ, 2026 (ਵਿਸ਼ਵ ਵਾਰਤਾ);- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਉੱਤਰਾਖੰਡ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਦੌਰਾਨ ਬਣੇ ਹਾਲਾਤਾਂ ਨੂੰ ਬੜੀ ਸੰਜੀਦਗੀ ਅਤੇ ਸੂਝ-ਬੂਝ ਨਾਲ ਸੰਭਾਲਣ ਦੀ ਲੋੜ ਹੈ, ਤਾਂ ਜੋ ਲੱਖਾਂ ਸ਼ਰਧਾਲੂਆਂ ਦੀ ਆਸਥਾ ਅਤੇ ਯਾਤਰਾ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਨਿਹੰਗ ਸਿੰਘਾਂ ਨਾਲ ਵਾਪਰੀ ਘਟਨਾ ਅਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਸਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਚੁੱਕਾ ਹੈ। ਇਸ ਤੋਂ ਇਲਾਵਾ ਬੀਤੀ ਰਾਤ ਸਰਹੱਦੀ ਖੇਤਰ ਵਿੱਚ ਬਣੇ ਤਣਾਅ ਨੂੰ ਵੀ ਨਿਹੰਗ ਜਥੇਬੰਦੀਆਂ ਦੇ ਸੀਨੀਅਰ ਸਿੰਘਾਂ ਅਤੇ ਪ੍ਰਸ਼ਾਸਨ ਨੇ ਆਪਸੀ ਗੱਲਬਾਤ ਰਾਹੀਂ ਸੁਖਾਵੇਂ ਢੰਗ ਨਾਲ ਸੁਲਝਾ ਲਿਆ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਉਤਰਾਖੰਡ ਦੇ ਮੁੱਖ ਮੰਤਰੀ ਦਫ਼ਤਰ ਦੇ ਉੱਚ ਅਧਿਕਾਰੀਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਨਿਹੰਗ ਸਿੰਘਾਂ ਵਿਰੁੱਧ ਦਰਜ ਮਾਮਲਿਆਂ ਦੀ ਸਮੀਖਿਆ ਕਰਕੇ ਜਲਦ ਉਚਿਤ ਰਾਹਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਕਥਿਤ ਤਸ਼ੱਦਦ ਸਬੰਧੀ ਨਿਰਪੱਖ ਜਾਂਚ ਦੀ ਮੰਗ ‘ਤੇ ਵੀ ਉਤਰਾਖੰਡ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੇ ਸੰਗਤਾਂ ਦੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ। ਇਸ ਲਈ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਯਾਤਰਾ ਦੌਰਾਨ ਸ਼ਾਂਤੀ, ਸਦਭਾਵਨਾ ਅਤੇ ਸਹਿਯੋਗ ਦਾ ਮਾਹੌਲ ਬਣਾਈ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਬਰ ਅਤੇ ਸੰਜਮ ਤੋਂ ਕੰਮ ਲੈਣ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਉੱਤਰਾਖੰਡ ਸਰਕਾਰ ਨੂੰ ਅਪੀਲ ਕੀਤੀ ਕਿ ਜਾਂਚ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਨਿਰਦੋਸ਼ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਤਾਂ ਜੋ ਸਿੱਖ ਸੰਗਤ ਦੇ ਮਨਾਂ ਵਿੱਚ ਪੈਦਾ ਹੋਈ ਚਿੰਤਾ ਦਾ ਜਲਦੀ ਨਿਵਾਰਨ ਹੋ ਸਕੇ।