ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ 2026 (ਸਤੀਸ਼ ਕੁਮਾਰ ਪੱਪੀ);- ਜ਼ਿਲ੍ਹਾ ਚੋਣ ਅਫ਼ਸਰ- ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਸਬੰਧੀ ਰੋਜ਼ਾਨਾ ਕੀਤੀ ਜਾਂਦੀ ਆਨਲਾਈਨ ਰਿਵਿਊ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 31.31 ਫ਼ੀਸਦੀ ਡਿਜਿਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 11 ਪੋਲਿੰਗ ਬੂਥਾਂ ‘ਤੇ 90 ਫ਼ੀਸਦੀ ਤੋਂ ਵੱਧ ਡਿਜਿਟਾਈਜ਼ੇਸ਼ਨ ਹੋ ਚੁੱਕੀ ਹੈ, ਜਦ ਕਿ 7 ਪੋਲਿੰਗ ਬੂਥਾਂ ‘ਤੇ ਇਹ ਕੰਮ 80 ਤੋਂ 90 ਫ਼ੀਸਦੀ ਤੱਕ ਪਹੁੰਚ ਚੁੱਕਾ ਹੈ। ਇਸ ਤੋਂ ਇਲਾਵਾ 2 ਪੋਲਿੰਗ ਬੂਥਾਂ ‘ਤੇ ਡਿਜਿਟਾਈਜ਼ੇਸ਼ਨ ਦਾ ਕੰਮ 100 ਫ਼ੀਸਦੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਜਲਦ ਤੋਂ ਜਲਦ ਐਸ.ਆਈ.ਆਰ ਦਾ ਕੰਮ ਨੇਪਰੇ ਚੜਾਉਣ ਦੀ ਹਦਾਇਤ ਕੀਤੀ
ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਪੋਲਿੰਗ ਬੂਥਾਂ ‘ਤੇ 1200 ਤੋਂ ਵੱਧ ਵੋਟਰ ਹਨ, ਉੱਥੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੇਂ ਪੋਲਿੰਗ ਬੂਥ ਬਣਾਉਣ ਦੀ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾਵੇ, ਤਾਂ ਜੋ ਵੋਟਰਾਂ ਨੂੰ ਵਧੀਆ ਸੁਵਿਧਾਵਾਂ ਮਿਲ ਸਕਣ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਐਸ.ਆਈ.ਆਰ-2026 ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ, ਪਾਰਦਰਸ਼ੀ ਅਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੀਟਿੰਗ ਵਿੱਚ ਉਪ ਜ਼ਿਲ੍ਹਾ ਚੋਣ ਅਫ਼ਸਰ-ਕਮ ਐਡੀਸ਼ਨਲ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ, ਐਸ.ਡੀ.ਐਮ. ਖਰੜ, ਗੁਰਮੀਤ ਸਿੰਘ, ਚੋਣ ਤਹਿਸੀਲਦਾਰ ਹਰਪ੍ਰੀਤ ਕੋਰ ਅਤੇ ਵੱਖ-ਵੱਖ ਹਲਕਿਆਂ ਦੇ ਚੋਣ ਅਧਿਕਾਰੀ ਹਾਜ਼ਰ ਸਨ।






















